ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ 2020 - ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਰੋਹ ਸਿਖ਼ਰਾਂ ’ਤੇ ਪਹੁੰਚ ਚੁੱਕਾ ਹੈ। 1 ਅਕਤੂਬਰ ਤੋਂ ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਰੇਲ ਰੋਕੋ ਅੰਦੋਲਨ ਤਹਿਤ ਸਥਾਨਕ ਰੇਲਵੇ ਲਾਈਨ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ। ਅੱਜ ਤੀਜੇ ਦਿਨ ਵੀ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਤੇ ਨੌਜਵਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਵੱਖ-ਵੱਖ ਕਿਸਾਨ, ਮਜ਼ਦੂਰ ਤੇ ਹੋਰ ਸਹਿਯੋਗੀ ਜਥੇਬੰਦੀਆਂ ਦੇ ਆਗੂ ਤੇ ਵਰਕਰ ਲਗਾਤਾਰ ਖੇਤੀ ਬਿੱਲਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਦਿਨ-ਰਾਤ ਚੱਲਣ ਵਾਲੇ ਇਸ ਧਰਨੇ ਵਿੱਚ ਕਿਸਾਨਾਂ ਦੀ ਸ਼ਮੂਲੀਅਤ ਵੱਧਣ ਲੱਗੀ ਹੈ। ਇਸ ਮੌਕੇ ਧਰਨਾਕਾਰੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਖੇਤੀ ਬਿੱਲਾਂ ਨੂੰ ਮਨਜ਼ੂਰੀ ਦੇ ਕੇ ਕਿਸਾਨੀ ਖ਼ਤਮ ਕਰਨ ਦਾ ਜੋ ਫੈਸਲਾ ਕੀਤਾ ਹੈ, ਉਸਨੂੰ ਕਦੇ ਵੀ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਬਿੱਲਾਂ ਨੂੰ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਇੱਥੇ ਇਹ ਵਰਣਨਯੋਗ ਹੈ ਕਿ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦਿਨ-ਰਾਤ ਚੱਲ ਰਿਹਾ ਹੈ। ਬਾਬੂਸ਼ਾਹੀ ਟੀਮ ਵੱਲੋਂ ਰਾਤ ਦੇ ਕਰੀਬ 11:30 ਵਜੇ ਰੇਲਵੇ ਲਾਈਨ ਦੇ ਕੀਤੇ ਦੌਰੇ ਦੌਰਾਨ ਇਹ ਵੇਖਿਆ ਗਿਆ ਕਿ ਕਿਸਾਨ ਰੇਲਵੇ ਟ੍ਰੈਕ ’ਤੇ ਪਏ ਹਨ, ਜਦੋਂਕਿ ਨਾਲ ਹੀ ਕੇਂਦਰ ਸਰਕਾਰ ਵਿਰੁੱਧ ਪ੍ਰਦਰਸ਼ਨ ਵੀ ਹੋ ਰਿਹਾ ਹੈ। ਉਥੇ ਹੀ ਦਿਨ ਚੜ੍ਹਦੇ ਵੀ ਕਿਸਾਨ ਰੇਲਵੇ ਲਾਈਨ ’ਤੇ ਡਟੇ ਹੋਏ ਸਨ। ਕਿਸਾਨਾਂ ਦੀ ਚੇਤਾਵਨੀ ਹੈ ਕਿ ਉਹ ਖੇਤੀ ਬਿੱਲਾਂ ਦੇ ਰੱਦ ਹੋਣ ਤੱਕ ਧਰਨਾ ਖ਼ਤਮ ਨਹੀਂ ਕਰਨਗੇ। ਖ਼ਬਰ ਲਿਖੇ ਜਾਣ ਤੱਕ ਰੇਲਵੇ ਲਾਈਨ ’ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਸਨ।