- ਜ਼ਿਲ੍ਹੇ ’ਚ ਕੁੱਲ 40,218 ਵਿਅਕਤੀਆਂ ਦਾ ਕੀਤਾ ਗਿਆ ਕੋਰੋਨਾ ਦਾ ਟੈਸਟ
-37,930 ਦੀ ਰਿਪੋਰਟ ਆਈ ਨੈਗੇਟਿਵ
- ਸਿਹਤ ਵਿਭਾਗ ਦੇ ਕਰਮਚਾਰੀ ਲੋਕਾਂ ਨੂੰ ਕੋਰੋਨਾ ਵਿਰੁੱਧ ਲਗਾਤਾਰ ਕਰ ਰਹੇ ਨੇ ਜਾਗਰੂਕ
- ਆਮ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਦੀ ਅਪੀਲ
ਫ਼ਤਹਿਗੜ੍ਹ ਸਾਹਿਬ, 03 ਅਕਤੂਬਰ 2020 - ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨੂੰ ਮਾਤ ਦੇਣ ਲਈ ਚਲਾਏ ਜਾ ਰਹੇ ਮਿਸ਼ਨ ਫ਼ਤਹਿ ਤਹਿਤ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਹੁਣ ਤੱਕ 40,218 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ 37, 930 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਪਾਜ਼ੀਟਿਵ ਆਏ 1957 ਮਰੀਜ਼ਾਂ ਵਿੱਚੋਂ 1703 ਵਿਅਕਤੀਆਂ ਨੇ ਕੋਰੋਨਾ ਮਹਾਂਮਾਰੀ ਨੂੰ ਮਾਤ ਦਿੱਤੀ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਸੁਰਿੰਦਰ ਸਿੰਘ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 167 ਹੈ ਜਦੋਂ ਕਿ 331 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ-ਵਾਰ ਹੱਥ ਧੋਣ, ਘਰੋਂ ਬਾਹਰ ਜਾਣ ਵਾਲੇ ਮਾਸਕ ਪਾਉਣ ਅਤੇ ਸਮਾਜਿਕ ਵਿੱਥ ਕਾਇਮ ਰੱਖੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਕੋਰੋਨਾ ਖਿਲਾਫ ਜੰਗ ਵਿੱਚ ਸਰਕਾਰ ਨੂੰ ਸਹਿਯੋਗ ਦਿੱਤਾ ਜਾਵੇ।
ਜ਼ਿਲ੍ਹੇ ਵਿੱਚ ਮਿਸ਼ਨ ਫ਼ਤਹਿ ਤਹਿਤ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਆਮ ਲੋਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਅਪਣਾਉਣ ਲਈ ਵੱਧ ਤੋਂ ਵੱਧ ਪ੍ਰੇਰਤ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇ ਕਿਉਂਕਿ ਕੋਈ ਵੀ ਜੰਗ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਹੀਂ ਜਿੱਤੀ ਜਾ ਸਕਦੀ।