ਗੁਰਪ੍ਰੀਤ ਸਿੰਘ ਮੰਡਿਆਣੀ
ਬੱਧਨੀ ਕਲਾਂ(ਮੋਗਾ), 3 ਅਕਤੂਬਰ 2020 - ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ ਜਾਖੜ ਨੇ ਕਿਹਾ ਹੈ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਆਪਣਾ ਸਭ ਕੁਝ ਲੁਟਾ ਦਿੱਤਾ। ਪਰ ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਦੇਸ਼ ਦੇ ਕਿਸਾਨਾਂ ਨੂੰ ਖਤਮ ਕਰਨ ਉਤੇ ਤੁਲੀ ਹੋਈ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਅਤੇ ਦੇਸ਼ ਦੇ ਕਿਸਾਨ ਇਸ ਕਾਲੇ ਕਾਨੂੰਨ ਨੂੰ ਖਤਮ ਕਰਵਾ ਕੇ ਹੀ ਦਮ ਲੈਣਗੇ। ਉਹ ਅੱਜ ਇਥੇ ਮਿਤੀ 4 ਅਕਤੂਬਰ ਨੂੰ ਹੋਣ ਵਾਲੀ ਰੋਸ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਆਏ ਸਨ।
ਇਸ ਮੌਕੇ ਹਾਜ਼ਰ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹਾਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਵਿੱਚ ਕੇਂਦਰ ਸਰਕਾਰ ਦੀ ਦਖਲ ਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਸੂਬੇ ਦੇ ਕਿਸਾਨ ਖੇਤੀ ਆਰਡੀਨੈਂਸਾਂ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣਗੇ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਪਹਿਲਾਂ ਬਿਹਾਰ ਵਿਚ ਲਾਗੂ ਕੀਤਾ ਗਿਆ ਸੀ ਜੌ ਕਿ ਪੂਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਥੇ ਕਿਸਾਨਾਂ ਦੀ ਆਮਦਨੀ ਵਿੱਚ ਭਾਰੀ ਗਿਰਾਵਟ ਆਈ ਹੈ। ਕੇਂਦਰ ਸਰਕਾਰ ਇਕ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਆਰਡੀਨੈਂਸ ਦੇਸ਼ ਵਿੱਚ ਲਾਗੂ ਕਰਨਾ ਚਾਹੁੰਦੀ ਹੈ ਜਿਸ ਦਾ ਸਭ ਤੋਂ ਵੱਡਾ ਨੁਕਸਾਨ ਪੰਜਾਬ ਦੇ ਕਿਸਾਨਾਂ ਨੂੰ ਹੋਵੇਗਾ। ਜਿੱਥੇ ਵੀ ਮੰਡੀਕਰਨ ਖਤਮ ਕੀਤਾ ਗਿਆ ਹੈ ਉਥੇ ਕਿਸਾਨਾਂ ਅਤੇ ਆਰਥਿਕਤਾ ਦਾ ਮਾੜਾ ਹਾਲ ਹੋ ਗਿਆ ਹੈ।
ਉਹਨਾਂ ਕਿਹਾ ਕਿ ਇਹ ਕਾਨੂੰਨ 1960 ਵਿੱਚ ਵੀ ਲਾਗੂ ਕੀਤਾ ਗਿਆ ਸੀ, ੋ ਕਿ ਤਜ਼ਰਬਾ ਫੇਲ੍ਹ ਹੋਇਆ ਸੀ। ਇਸ ਮੌਕੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਹਰਜੋਤ ਕਮਲ, ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਦਰਸ਼ਨ ਸਿੰਘ ਬਰਾੜ, ਇੰਦਰਜੀਤ ਸਿੰਘ ਜ਼ੀਰਾ (ਸਾਰੇ ਵਿਧਾੲਿਕ), ਆਈ ਜੀ ਕੌਸਤੁਭ ਸ਼ਰਮਾ, ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨਬੀਰ ਸਿੰਘ ਗਿੱਲ, ਮਹੇਸ਼ ਇੰਦਰ ਸਿੰਘ ਨਿਹਾਲ ਸਿੰਘ ਵਾਲਾ ਅਤੇ ਹੋਰ ਹਾਜ਼ਰ ਸਨ।