ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ 2020-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੰੂਨਾਂ ਦੇ ਵਿਰੋਧ ਵਿੱਚ ਕਿਸਾਨਾਂ ਦਾ ਵਿਰੋਧ ਜਾਰੀ ਹੈ। ਸਥਾਨਕ ਰੇਲਵੇ ਸਟੇਸ਼ਨ ਦੇ ਰੇਲਵੇ ਟਰੈਕਾਂ ’ਤੇ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਮੋਰਚਾ ਅੱਜ 12ਵੇਂ ਦਿਨ ਵੀ ਜਾਰੀ ਰਿਹਾ। ਅੱਜ 12ਵੇਂ ਦਿਨ ਵੀ ਕਿਸਾਨਾਂ ਨੇ ਰੇਲਵੇ ਟਰੈਕ ਜਾਮ ਰੱਖਿਆ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਹੁਣ ਕੋਇਲੇ ਤੇ ਬਿਜਲੀ ਸੰਕਟ ਦਾ ਕਹਿ ਕੇ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ, ਪਰ ਕਿਸਾਨ ਕਿਸੇ ਕੀਮਤ ’ਤੇ ਆਪਣਾ ਸੰਘਰਸ਼ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਉਹ ਬਿਜਲੀ ਤੇ ਖ਼ਾਦ ਬਿਨ੍ਹਾਂ ਸਾਰ ਲੈਣਗੇ ਪਰ ਆਉਣ ਵਾਲੀ ਪੀੜ੍ਹੀ ਲਈ ਮੁਸੀਬਤਾਂ ਖੜ੍ਹੀਆਂ ਨਹੀਂ ਹੋਣ ਦੇਣਗੇ। ਇਸ ਮੌਕੇ ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਭਰਵੀਂ ਨਾਅਰੇਬਾਜ਼ੀ ਵੀ ਕੀਤੀ। ਇਸ ਤੋਂ ਇਲਾਵਾ ਜਗਦੇਵ ਸਿੰਘ ਕਾਨਿਆਂਵਾਲੀ, ਗੁਰਤੇਜ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਗੋਬਿੰਦ ਸਿੰਘ, ਅਮਰਜੀਤ ਸਿੰਘ ਆਦਿ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ।
14 ਅਕਤੂਬਰ ਦੇ ਦਿੱਲੀ ਸੱਦੇ ਲਈ ਜਲੰਧਰ ’ਚ ਮੀਟਿੰਗ ਕੱਲ੍ਹ
ਧਰਨੇ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦੇ ਭੇਜੇ ਗਏ ਸੱਦਾ ਪੱਤਰ ’ਤੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 14 ਅਕਤੂਬਰ ਨੂੰ ਦਿੱਲੀ ਦੇ ਸੱਦੇ ਪੱਧਰ ਸਬੰਧੀ 13 ਅਕਤੂਬਰ ਨੂੰ ਜਲੰਧਰ ਵਿਖੇ ਕਿਸਾਨ ਜਥੇਬੰਦੀਆਂ ਵੰਲੋਂ ਮੀਟਿੰਗ ਕੀਤੀ ਜਾਵੇਗੀ, ਜਿਸ ’ਤੇ ਰਣਨੀਤੀ ਤੈਅ ਕੀਤੀ ਜਾਵੇਗੀ।