ਮੁਕਤਸਰ ’ਚ 61 ਸਾਲਾ ਵਿਅਕਤੀ ਦੀ ਕੋਰੋਨਾ ਨਾਲ ਮੌਤ, 15 ਨਵੇਂ ਕੇਸਾਂ ਦੀ ਵੀ ਪੁਸ਼ਟੀ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 12 ਅਕਤੂਬਰ 2020-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਾਰਨ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾ ਦੇ 15 ਨਵੇਂ ਕੇਸਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਨੇ ਕਰ ਦਿੱਤੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 5 ਕੇਸ ਮਲੋਟ, 1 ਕੇਸ ਗਿੱਦੜਬਾਹਾ, 1 ਕੇਸ ਕੋਟਭਾਈ, 1 ਕੇਸ ਬੁਰਜ਼ ਸਿੱਧਵਾਂ, 3 ਕੇਸ ਫਤੁੂਹੀ ਖੇੜਾ, 1 ਕੇਸ ਰੁਪਾਣਾ ਤੇ 1 ਕੇਸ ਪਿੰਡ ਕਾਉਣੀ ਨਾਲ ਸਬੰਧਿਤ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 23 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 158 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 335 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 386 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 2739 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2275 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 410 ਕੇਸ ਐਕਟਿਵ ਚੱਲ ਰਹੇ ਹਨ।
ਕੋਰੋਨਾ ਨਾਲ ਇੱਕ ਹੋਰ ਬਜ਼ੁਰਗ ਦੀ ਮੌਤ
ਜ਼ਿਲ੍ਹੇ ਅੰਦਰ ਕੋਰੋਨਾ ਨੇ ਅੱਜ ਇੱਕ ਹੋਰ ਜਾਨ ਲੈ ਲਈ ਹੈ। ਮਿ੍ਰਤਕ ਜ਼ਿਲ੍ਹੇ ਦੇ ਪਿੰਡ ਕਾਉਣੀ ਨਾਲ ਸਬੰਧਿਤ ਸੀ, ਜਿਸਦੀ ਉਮਰ ਕਰੀਬ 61 ਸਾਲ ਦੱਸੀ ਜਾ ਰਹੀ ਹੈ। ਮਿ੍ਰਤਕ ਨੂੰ ਸਾਹ ਲੈਣ ’ਚ ਤਕਲੀਫ਼ ਸੀ ਤੇ ਨਾਲ ਹੀ ਉਹ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਪੀੜ੍ਹਤ ਸੀ, ਜਿਸਨੂੰ ਇਲਾਜ ਲਈ ਬਠਿੰਡਾ ਦੇ ਇੱਕ ਹਸਪਤਾਲ ’ਚ ਦਾਖ਼ਲ ਕੀਤਾ ਗਿਆ ਸੀ, ਜਿੱਥੇ ਉਸਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਸੀ। ਅੱਜ ਇਲਾਜ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਦਰ ਹੁਣ 54 ਹੋ ਗਈ ਹੈ।