ਅਸ਼ੋਕ ਵਰਮਾ
ਬਠਿੰਡਾ, 14 ਅਕਤੂਬਰ 2020 - ਕਿਸਾਨਾਂ ਵੱਲੋਂ ਬਠਿੰਡਾ ਦੀਆਂ ਰੇਲ ਪਟੜੀਆਂ ਤੇ ਅੱਜ 14ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲ੍ਹਾ ਜਨਰਲ ਸਕੱਤਰ ਗੁਰਦਰਸ਼ਨ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਹਨੀ ਨੇ ਮੋਦੀ ਸਰਕਾਰ ਤੇ ਦੋਸ਼ ਲਾਉਂਦੇ ਹੋਏ ਕਿਹਾ ਜਦੋਂ ਤੋਂ ਭਾਜਪਾ ਸਰਕਾਰ ਸੱਤਾ ਦੇ ਵਿੱਚ ਆਈ ਹੈ ਤਾਂ ਘੱਟ ਗਿਣਤੀਆਂ ਖਿਲਾਫ ਲਗਾਤਾਰ ਫੈਸਲੇ ਕੀਤੇ ਜਾ ਰਹੇ ਹਨ ਜਿਸ ਦੀ ਤਾਜ਼ਾ ਮਿਸਾਲ ਨਵੇਂ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ ਹਨ ਜਿਨ੍ਹਾਂ ਕਾਰਨ ਪੰਜਾਬ ਦਾ ਖੇਤੀ ਢਾਂਚਾ ਹੀ ਨਹੀਂ ਸੂਬੇ ਦੀ ਆਰਥਿਕਤਾ ਤਬਾਹ ਹੋ ਜਾਏਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੀਆਂ ਮਾੜੀਆਂ ਤੇ ਲੋਕ ਵਿਰੋਧੀ ਨੀਤੀਆਂ ਲਾਗੂ ਕਰਨ ਲਈ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਅਤੇ ਇਸ ਦੀ ਆੜ ’ਚ ਲਗਾਤਾਰ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਫੈਸਲੇ ਕੀਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਤਾਜ਼ਾ ਫੈਸਲੇ ਨੇ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰ ਦੇਣਾ ਹੈ।
ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਬਲਕਰਨ ਸਿੰਘ ਬਰਾੜ ਨੇ ਦੱਸਿਆ ਕਿਸਾਨ ਜਥੇਬੰਦੀਆਂ ਅਤੇ ਭਾਰਤ ਸਰਕਾਰ ਵਿਚਕਾਰ ਗੱਲਬਾਤ ਟੁੱਟ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਕਿਸਾਨ ਆਗੂ ਜੋ ਵੀ ਫੈਸਲਾ ਕਰਨਗੇ ਉਸ ਅਨੁਸਾਰ ਸੰਘਰਸ਼ ਅੱਗੇ ਵਧਾਇਆ ਜਾਏਗਾ। ਉਨ੍ਹਾਂ ਦੱਸਿਆ ਕਿ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਪੰਜ ਨਵੰਬਰ ਨੂੰ ਸਵੇਰੇ ਦਸ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਭਾਰਤ ਵਿੱਚ ਚੱਕਾ ਜਾਮ ਕੀਤਾ ਜਾਵੇਗਾ। ਜਿਸ ਨੂੰ ਕਾਮਯਾਬ ਕਰਨ ਲਈ ਪਿੰਡਾਂ ਵਿੱਚ ਤਿਆਰੀ ਮੀਟਿੰਗਾਂ ਰੈਲੀਆਂ ਕੀਤੀਆਂ ਜਾਣਗੀਆਂ।
ਇਸ ਮੌਕੇ ਕਿਸਾਨ ਆਗੂ ਹਰਵਿੰਦਰ ਸਿੰਘ ਕੋਟਲੀ, ਜਮਹੂਰੀ ਕਿਸਾਨ ਸਭਾ ਦੇ ਜਿਲਾ ਜਨ ਸਕੱਤਰ ਨੈਬ ਸਿੰਘ ਫੂਸ ਮੰਡੀ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਆਗੂ ਸੁਖਦੀਪ ਸਿੰਘ ਬਾਠ ਤੇ ਪਾਲੀ ਸਿੰਘ ਲਹਿਰਾ ਮੁਹੱਬਤ, ਦਿਹਾਤੀ ਮਜ਼ਦੂਰ ਸਭਾ ਦੇ ਮਿੱਠੂ ਸਿੰਘ ਘੁੱਦਾ ਅਦੇ ਪ੍ਰਕਾਸ਼ ਸਿੰਘ ਨੰਦਗੜ੍ਹ ਹਾਜਰ ਸਨ।