ਅਸ਼ੋਕ ਵਰਮਾ
ਬਠਿੰਡਾ, 16 ਅਕਤੂਬਰ 2020 - ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਇੱਥੋਂ ਥੋੜੀ ਦੂਰ ਪਿੰਡ ਭੋਤਨਾ ਵਿਖੇ ਸੂਬਾ ਪੱਧਰੀ ਵਧਵੀਂ ਸਿੱਖਿਆ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਕੀਤੀ ਗਈ, ਜਿਸ ਵਿੱਚ 13 ਜ਼ਿਲ੍ਹਾ ਕਮੇਟੀਆਂ ਦੇ ਅਹੁਦੇਦਾਰ ਸ਼ਾਮਲ ਹੋਏ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 17 ਅਕਤੂਬਰ ਨੂੰ ਸਾਰੇ ਦੇ ਸਾਰੇ 59 ਧਰਨਿਆਂ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾਣਗੇ। ਇਸੇ ਤਰ੍ਹਾਂ ਹੀ 19 ਨੂੰ ਸੈਸ਼ਨ ਮੌਕੇ ਪੰਜਾਬ ਸਰਕਾਰ ਤੇ ਦਬਾਅ ਪਾਉਣ ਲਈ ਵਿਧਾਨ ਸਭਾ ਅੱਗੇ ਧਰਨਾ ਦਿੱਤਾ ਜਾਏਗਾ। ਮਤੇ ਪਾਸ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਜਾਵੇਗੀ ਕਿ 19 ਅਕਤੂਬਰ ਨੂੰ ਅਸੰਬਲੀ ਇਜਲਾਸ ਵਿੱਚ ਤਿੰਨੇ ਕੇਂਦਰੀ ਕਾਲੇ ਖੇਤੀ ਕਾਨੂੰਨਾਂ ਤੇ ਬਿਜਲੀ ਸੋਧ ਬਿੱਲ ਵਾਪਸ ਲੈਣ ਦੇ ਮਤੇ ਪਾਸ ਕੀਤੇ ਜਾਣ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਿੱਜੀ ਕਾਰਪੋਰੇਸ਼ਨਾਂ ਤੇ ਵੱਡੇ ਵਪਾਰੀਆਂ ਨੂੰ ਐਮਐਸਪੀ ਦੀ ਜਾਮਨੀ ਤੋਂ ਬਗੈਰ ਹੀ ਫਸਲੀ ਖਰੀਦ ਦੀਆਂ ਖੁੱਲਾਂ ਦੇਣ ਵਾਲੇ 2017 ਅਤੇ ਉਸਤੋਂ ਪਹਿਲਾਂ ਦੇ ਮੰਡੀਕਰਨ ਕਾਨੂੰਨ - ਬਿੱਲ ਵਾਪਸ ਲੈਣ ਦਾ ਮਤਾ ਵੀ ਪਾਸ ਕੀਤਾ ਜਾਵੇ। ਉਨਾਂ ਦੱਸਿਆ ਕਿ ਅਜਿਹਾ ਨਾ ਕੀਤੇ ਜਾਣ ਦੀ ਸੂਰਤ ਵਿੱਚ ਪੰਜਾਬ ਸਰਕਾਰ ਨੂੰ ਵੀ ਮੌਜੂਦਾ ਘੋਲ਼ ਦਾ ਨਿਸ਼ਾਨਾ ਬਣਾਇਆ ਜਾਵੇਗਾ। ਮੀਟਿੰਗ ਵਿੱਚ ਇਹ ਸਪਸ਼ਟ ਕੀਤਾ ਗਿਆ ਕਿ ਆਪੋ ਆਪਣੀ ਸਮਝ ਤੇ ਸਮਰੱਥਾ ਮੁਤਾਬਕ ਇਸ ਮੁੱਦੇ ‘ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਿਰੁੱਧ ਕਿਸੇ ਵੀ ਕਿਸਮ ਦਾ ਪਰਚਾਰ ਨਾ ਕੀਤਾ ਜਾਵੇ। ਸਾਡੇ ਸਮੇਤ ਹਰ ਜਥੇਬੰਦੀ ਨੂੰ ਹੱਕ ਹੈ ਕਿ ਉਹ ਦੂਜੀਆਂ ਜਥੇਬੰਦੀਆਂ ਨਾਲ ਸਾਂਝੇ ਤੌਰ ‘ਤੇ ਜਾਂ ਤਾਲਮੇਲਵਾਂ ਜਾਂ ਆਜ਼ਾਦ ਸੰਘਰਸ਼ ਕਰ ਸਕਦੀ ਹੈ ਪਰ ਇੱਕ ਦੂਜੇ ਵਿਰੁੱਧ ਭੰਡੀ ਪ੍ਰਚਾਰ ਸਰਕਾਰ ਦੇ ਪੱਖ ‘ਚ ਭੁਗਤਦਾ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮਾਲਵੇ ਦੇ 7 ਜ਼ਿਲ੍ਹਿਆਂ ‘ਚ 9 ਸਿਰਕੱਢ ਭਾਜਪਾ ਆਗੂਆਂ ਦੇ ਘਰਾਂ ਦੇ ਘਿਰਾਓ ਵੀ ਕੀਤੇ ਗਏ ਸਨ ਅਤੇ 10 ਟੋਲ ਪਲਾਜਿਆਂ, 4 ਸ਼ਾਪਿੰਗ ਮਾਲਜ਼, 1ਅਡਾਨੀ ਗੋਦਾਮ, 23 ਰਿਲਾਇੰਸ ਪੰਪਾਂ, 10 ਐੱਸਾਰ ਪੰਪਾਂ ਤੇ ਵਣਾਂਵਾਲੀ ਥਰਮਲ ਪਲਾਂਟ ‘ਤੇ ਧਰਨੇ ਵੀ ਜਾਰੀ ਹਨ।
ਉਨ੍ਹਾਂ ਦੱਸਿਆ ਕਿ ਟੌਲ ਪਲਾਜਿਆਂ ‘ਤੇ ਧਰਨਿਆਂ ਦੌਰਾਨ ਸਾਰੇ ਵਹੀਕਲ ਬਿਨਾਂ ਟੌਲ ਟੈਕਸ ਤੋਂ ਹੀ ਲੰਘਾਏ ਜਾ ਰਹੇ ਹਨ ਅਤੇ ਰਿਲਾਇੰਸ ਤੇ ਐੱਸਾਰ ਦੇ ਪੰਪਾਂ ਤੋਂ ਕੋਈ ਵੀ ਤੇਲ ਨਹੀਂ ਪੁਆਇਆ ਜਾ ਰਿਹਾ। ਪੰਜਾਬ ਭਰ ਵਿੱਚ ਲਗਾਤਾਰ ਅੱਗੇ ਵਧ ਰਹੇ ਮੌਜੂਦਾ ਸਾਂਝੇ ਘੋਲ਼ ਦਾ ਵਿਸ਼ੇਸ਼ ਨਿਸ਼ਾਨਾ ਅਜੇ ਲੁਟੇਰੇ ਕਾਰਪੋਰੇਟਾਂ ਤੇ ਭਾਜਪਾ ਗੱਠਜੋੜ ਨੂੰ ਹੀ ਬਣਾਇਆ ਗਿਆ ਹੈ ਅਤੇ ਭਾਜਪਾ ਆਗੂਆਂ ਖਿਲਾਫ ਕਿਸਾਨਾਂ ਸਮੇਤ ਆਮ ਲੋਕਾਂ ਦਾ ਗੁੱਸਾ ਹੱਦਾਂ ਬੰਨੇ ਟੱਪ ਰਿਹਾ ਹੈ। ਥਾਂ ਥਾਂ ਭਾਰੀ ਗਿਣਤੀ ‘ਚ ਨੌਜਵਾਨਾਂ, ਔਰਤਾਂ ਅਤੇ ਕੁੱਝ ਥਾਂਈਂ ਸਕੂਲੀ ਬੱਚਿਆਂ ਸਮੇਤ ਇਸ ਵੇਲੇ ਕੁੱਲ ਮਿਲਾ ਕੇ 60 ਹਜ਼ਾਰ ਤੋਂ ਵੱਧ ਗਿਣਤੀ ‘ਚ ਪੁੱਜੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਜਥੇਬੰਦੀ ਦੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ,ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਸੂਬਾ ਆਗੂ ਹਰਿੰਦਰ ਕੌਰ ਬਿੰਦੂ, ਸ਼ਿੰਗਾਰਾ ਸਿੰਘ ਮਾਨ ਤੇ ਰਾਜਵਿੰਦਰ ਸਿੰਘ ਰਾਮਨਗਰ ਸਮੇਤ ਵੱਖ ਵੱਖ ਜਿਲਾ ਆਗੂ ਅਤੇ ਨਵੇਂ ਨੌਜਵਾਨ ਮੁੰਡੇ ਕੁੜੀਆਂ ਵੀ ਸ਼ਾਮਲ ਹਨ।
ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਾਲੇ ਖੇਤੀ ਕਾਨੂੰਨ ਅਤੇ ਬਿਜਲੀ ਸੋਧ ਬਿੱਲ 2020 ਸਣੇ ਭੂਮੀ ਗ੍ਰਹਿਣ ਬਿੱਲ ਦੀਆਂ ਸੋਧਾਂ ਰੱਦ ਕਰੋ। 1955 ਦੇ ਜ਼ਰੂਰੀ ਵਸਤਾਂ ਕਾਨੂੰਨ ‘ਚ ਸ਼ਾਮਲ ਸਾਰੀਆਂ ਫਸਲਾਂ ਦਾ ਐਮ ਐਸ ਪੀ ਮਿਲਣ ਦੀ ਗਰੰਟੀ ਲਈ ਸਰਕਾਰੀ ਖਰੀਦ ਦਾ ਕਾਨੂੰਨ ਬਣਾਓ। ਖੁੱਲੀ ਮੰਡੀ ਵੱਲ ਸੇਧਤ ਪੰਜਾਬ ਸਰਕਾਰ ਦੇ ਮੰਡੀਕਰਨ ਕਾਨੂੰਨ ਵੀ ਰੱਦ ਕਰਨ ਦੀ ਮੰਗ ਕੀਤੀ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਧਰਨਿਆਂ ਦੀ ਗਿਣਤੀ ਅਤੇ ਨੌਜਵਾਨਾਂ ਤੇ ਔਰਤਾਂ ਸਮੇਤ ਕਿਸਾਨ ਲਾਮਬੰਦੀਆਂ ਵਿੱਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਭਾਜਪਾ ਹਕੂਮਤ ਸਣੇ ਕਾਰਪੋਰੇਟਾਂ ਖਿਲਾਫ ਰੋਹ ਹੋਰ ਵਧੇਰੇ ਫੈਲ ਰਿਹਾ ਹੈ। ਬੁਲਾਰਿਆਂ ਨੇ ਕੈਪਟਨ ਸਰਕਾਰ ਨੂੰ ਖਬਰਦਾਰ ਕੀਤਾ ਕਿ ਕਿਸਾਨਾਂ ਦੇ ਇਸ ਰੋਹ ਦਾ ਸਿਆਸੀ ਲਾਹਾ ਖੱਟਣ ਦੇ ਲਾਲਚ ਵਿੱਚ ਖੁਦ ਇਸ ਰੋਹ ਦਾ ਸ਼ਿਕਾਰ ਨਾ ਬਣ ਜਾਵੇ। ਉਹਨਾਂ ਨੇ ਐਲਾਨ ਕੀਤਾ ਕਿ ਮੌਜੂਦਾ ਅਣਮਿਥੇ ਸਮੇਂ ਦਾ ਸੰਘਰਸ਼ ਸਭਨਾਂ ਸੰਘਰਸ਼ਸ਼ੀਲ ਜਥੇਬੰਦੀਆਂ ਨਾਲ ਤਾਲਮੇਲਵੀਂ ਸਾਂਝ ਬਰਕਰਾਰ ਰੱਖਦਿਆਂ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ।