ਅਸ਼ੋਕ ਵਰਮਾ
ਬਠਿੰਡਾ, 17 ਅਕਤੂਬਰ 2020 - ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਮੋਦੀ ਦੇ ਪੁਤਲੇ ਫੂਕਣ ਦੇ ਸੱਦੇ ਤੇ ਅੱਜ ਭਾਰਤੀ ਕਿਸਾਨ ਯੂਨੀਅਨ ਮਾਨਸਾ ਨੇ ਪਿੰਡ ਕੋਟਫੱਤਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੀ ਅਗਵਾਈ ਵਿਚ ਪਿੰਡ ਦਾਨ ਸਿੰਘ ਵਾਲਾ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਸਾੜੀਆਂ ਗਈਆਂ ਇਸ ਮੌਕੇ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਬਲਾਕ ਬਠਿੰਡਾ ਦੇ ਮੀਤ ਪ੍ਰਧਾਨ ਸੋਹਣਾ ਸਿੰਘ ਕੋਟਫੱਤਾ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਚੌਦਾਂ ਅਕਤੂਬਰ ਨੂੰ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ ਨਾਲ ਮੀਟਿੰਗ ਕਰਨ ਵਾਸਤੇ ਦਿੱਲੀ ਗਈ ਇਕੱਤੀ ਜਥੇਬੰਦੀਆਂ ਦੀ ਟੀਮ ਨਾਲ ਮੀਟਿੰਗ ਤੋਂ ਬਾਅਦ ਸਥਾਨਕ ਪੁਲਿਸ ਨੇ ਅਪਮਾਨਜਨਕ ਵਰਤਾਓ ਕੀਤਾ ੀ ਜਦੋਂ ਉਹ ਮੀਟਿੰਗ ਵਿੱਚੋਂ ਬਾਈਕਾਟ ਕਰਨ ਤੋਂ ਬਾਅਦ ਜਦੋਂ ਕਿਸਾਨ ਬਾਹਰ ਸੜਕ ਤੇ ਆ ਕੇ ਮੀਡੀਆ ਸਾਹਮਣੇ ਸੰਕੇਤਕ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰ ਰਹੇ ਸਨ।
ਉਨ੍ਹਾਂ ਦੱਸਿਆ ਕਿ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਤੋਂ ਰੋਕਦਿਆਂ ਹੋਇਆਂ ਧਾਰਾ 144 ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਗਿ੍ਰਫਤਾਰ ਕਰਨ ਦੀ ਧਮਕੀ ਦਿੱਤੀ ਅਤੇ ਥਾਣੇ ਲਿਜਾਣ ਲਈ ਇੱਕ ਬੱਸ ਵੀ ਲਿਆਂਦੀ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਦੇ ਅਜਿਹੇ ਰਵੱਈਏ ਦੇ ਵਿਰੋਧ ਵਿੱਚ ਹੀ ਪਿੰਡ ਪਿੰਡ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਰਥੀਆਂ ਫੂਕੀਆਂ ਜਾ ਰਹੀਆਂ ਹਨ।ਉਨਾਂ ਦੇਸ਼ ਦੇ ਕਿਸਾਨਾਂ ਨੂੰ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਰੇਲ ਰੋਕੋ ਅਤੇ ਹੋਰ ਧਰਨਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਆ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਏਕਾ ਹੀ ਸਭ ਤੋਂ ਸ਼ਕਤੀਸ਼ਾਲੀ ਹੈ ਅਤੇ ਕਿਸਾਨ ਜ਼ਰੂਰ ਹੀ ਇਨ੍ਹਾਂ ਤਿੰਨ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾ ਕੇ ਰਹਿਣਗੇ। ਇਸ ਸਮੇਂ ਜਰਨੈਲ ਸਿੰਘ, ਹਰਚਰਨ ਸਿੰਘ, ਇਕਬਾਲ ਸਿੰਘ ਆੜਤੀਆ ਅਤੇ ਆੜਤੀ ਐਸੋਸੀਏਸਨ ਦੇ ਪ੍ਰਧਾਨ ਵਿੱਕੀ ਕੁਮਾਰ ਸ਼ਾਮਲ ਸਨ।