ਅਸ਼ੋਕ ਵਰਮਾ
ਮਾਨਸਾ, 20 ਅਕਤੂਬਰ 2020 - ਪਿਛਲੇ ਦਿਨੀਂ ਰੇਲਵੇ ਸਟੇਸ਼ਨ ਮਾਨਸਾ ਵਿਖੇ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਖਿਲਾਫ ਧਰਨੇ 'ਤੇ ਬੈਠੇ ਕਿਸਾਨ ਜੁਗਰਾਜ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਗੁੜੱਦੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਪੀੜਤ ਪਰਿਵਾਰ ਦੀ ਮਦਦ ਲਈ ਆਪਣਾ ਹੱਥ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਮ੍ਰਿਤਕ ਕਿਸਾਨ ਦੇ ਆਸ਼ਰਿਤਾਂ ਨੂੰ 3 ਲੱਖ ਰੁਪਏ ਦੀ ਮਾਲੀ ਮਦਦ ਦੇਣ ਦਾ ਐਲਾਨ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਤਹਿਸੀਲਦਾਰ ਅਮਰਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਪੀੜਤ ਪਰਿਵਾਰ ਅਤੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਮਾਮਲਾ ਸਰਕਾਰ ਦੇ ਧਿਆਨ ਵਿਚ ਲਿਆਂਦਾ ਗਿਆ ਅਤੇ ਸਰਕਾਰ ਨੇ ਪੀੜਤ ਪਰਿਵਾਰ ਲਈ 3 ਲੱਖ ਰੁਪਏ ਮੁਆਵਜ਼ਾ ਅਤੇ ਮ੍ਰਿਤਕ ਦੇ ਬੇਟੇ ਨੂੰ ਆਊਟ ਸੋਰਸਿੰਗ ਪ੍ਰਣਾਲੀ ਰਾਹੀਂ ਯੋਗਤਾ ਅਨੁਸਾਰ ਡੀ.ਸੀ. ਦਫ਼ਤਰ ਵਿਖੇ ਰੱਖੇ ਜਾਣ ਸਬੰਧੀ ਢੁੱਕਵੀਂ ਕਾਰਵਾਈ ਅਮਲ ਵਿੱਚ ਲਿਆਉਣ ਸਬੰਧੀ ਹਦਾਇਤ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਡੀ.ਐੱਸ.ਪੀ. ਗੁਰਮੀਤ ਸਿੰਘ ਬਰਾੜ ਅਤੇ ਡੀ.ਐੱਸ.ਪੀ. (ਡੀ) ਸਰਬਜੀਤ ਸਿੰਘ ਦੀ ਹਾਜ਼ਰੀ ਵਿਚ ਮ੍ਰਿਤਕ ਕਿਸਾਨ ਦੇ ਬੇਟੇ ਬਖਸ਼ੀਸ਼ ਸਿੰਘ ਨੂੰ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ ਅਤੇ ਬਾਕੀ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਮ੍ਰਿਤਕ ਦੀ ਨਮਿਤ ਅੰਤਿਮ ਅਰਦਾਸ ਮੌਕੇ ਵਾਰਸਾਂ ਨੂੰ ਸੌਂਪਿਆ ਜਾਵੇਗਾ।
ਤਹਿਸੀਲਦਾਰ ਨੇ ਦੱਸਿਆ ਕਿ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ ਅਤੇ ਕੱਲ੍ਹ ਨੂੰ ਪਰਿਵਾਰ ਵੱਲੋਂ ਅੰਤਿਮ ਸਸਕਾਰ ਕੀਤਾ ਜਾਵੇਗਾ।
ਇਸ ਮੌਕੇ ਰੁਲਦੁ ਸਿੰਘ ਸੂਬਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਕੁਲਵਿੰਦਰ ਸਿੰਘ ਆਲ ਇੰਡੀਆ ਕਿਸਾਨ ਸਭਾ, ਕੁਲਦੀਪ ਸਿੰਘ ਕਾਦੀਆਂ ਗਰੁੱਪ, ਜਗਰੂਪ ਸਿੰਘ ਕਾਦੀਆਂ ਗਰੁੱਪ, ਮਹਿੰਦਰ ਸਿੰਘ ਭੈਣੀ ਬਾਘਾ (ਡਕੌਂਦਾ ਗਰੁੱਪ) ਵੀ ਮੌਜੂਦ ਸਨ।