- ਡਿਪਟੀ ਕਮਿਸ਼ਨਰ ਨੇ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ
- ਡੇਂਗੂ ਦੀ ਰੋਕਥਾਮ ਲਈ ਟੀਮਾਂ ਦੀ ਸੰਖਿਆ 50 ਤੋਂ ਵਧਾ ਕੇ ਕੀਤੀ 80, ਸਰਕਾਰੀ ਹਸਪਤਾਲ ਦੇ ਜਨ ਔਸ਼ਧੀ ਕੇਂਦਰ ਨੂੰ ਰਾਤ 12 ਵਜੇ ਤੱਕ ਖੋਲ੍ਹਣ ਦੇ ਦਿੱਤੇ ਨਿਰਦੇਸ਼
- ਕਿਹਾ, ਘਰਾਂ ਅਤੇ ਆਸ ਪਾਸ ਨਾ ਇਕੱਠਾ ਹੋਣ ਦਿੱਤਾ ਜਾਵੇ ਪਾਣੀ
ਹੁਸ਼ਿਆਰਪੁਰ, 22 ਅਕਤੂਬਰ 2020 - ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਬੇਸ਼ੱਕ ਕੋਵਿਡ ਸਬੰਧੀ ਕੇਸ ਘੱਟ ਹੋ ਗਏ ਹਨ ਪਰ ਅਜੇ ਕੋਰੋਨਾ ਵਾਇਰਸ ਖਤਮ ਨਹੀਂ ਹੋਇਆ ਹੈ ਇਸ ਲਈ ਅਜੇ ਵੀ ਸਾਨੂੰ ਪੂਰੀ ਸਾਵਧਾਨੀ ਅਪਣਾਉਣ ਦੀ ਜ਼ਰੂਰਤ ਹੈ। ਉਹ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਹਫ਼ਤਾਵਰੀ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਜਿਥੇ ਸਰਕਾਰ ਦੀ ਨਵੀਂ ਗਾਈਡਲਾਈਨ ਬਾਰੇ ਵਿੱਚ ਜਾਣਕਾਰੀ ਦਿੱਤੀ ਉਥੇ ਜ਼ਿਲ੍ਹਾ ਵਾਸੀਆਂ ਨੂੰ ਡੇਂਗੂ ਤੋਂ ਬਚਾਅ ਲਈ ਅਪਣਾਈਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵਿੱਚ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਡੇਂਗੂ ਦੀ ਰੋਕਥਾਮ ਦੇ ਨਗਰ ਨਿਗਮ, ਕੌਂਸਲਾਂ ਵਲੋਂ ਲਗਾਤਾਰ ਫਾਗਿੰਗ ਕੀਤੀ ਜਾ ਰਹੀ ਹੈ। ਉਨ੍ਹ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੇ ਕਿ ਉਹ ਆਪਣੇ ਘਰਾਂ ਵਿੱਚ ਅਤੇ ਆਸ-ਪਾਸ ਪਾਣੀ ਨਾ ਇਕੱਠਾ ਹੋਣ ਦੇਣ।
ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਜ਼ਿਲ੍ਹੇ ਦੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 2 ਹਾਟ ਸਪਾਟ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਵਿੱਚ ਕੋਵਿਡ ਦੇ ਕੇਸਾਂ ਵਿੱਚ ਕਮੀ ਆਈ ਅਤੇ ਸਿਹਤ ਵਿਭਾਗ ਦੁਆਰਾ ਲਗਾਤਾਰ ਟੈਸਟਿੰਗ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਵਿਡ ਪਾਜ਼ੀਟਿਵ ਹੋਮ ਆਈਸੋਲੇਸ਼ਨ ਵਾਲੇ ਮਰੀਜ਼ਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਫਤਿਹ ਕਿਟਸ ਉਪਲਬੱਧ ਕਰਵਾਈ ਗਈ ਹੈ।
ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਦੌਰ ਸ਼ੁਰੂ ਹੋ ਗਿਆ ਹੈ ਜਿਸਦੇ ਚੱਲਦੇ ਹੁਣ ਬਜਾਰਾਂ ਵਿੱਚ ਭੀੜ ਵੀ ਵਧੇਗੀ ਅਤੇ ਸਮਾਜਿਕ ਇਕੱਠ ਵੀ ਹੋਵੇਗਾ। ਇਸ ਤਰ੍ਹਾਂ ਬਹੁਤ ਜ਼ਰੂਰੀ ਹੋ ਜਾਂਦਾ ਹੇ ਕਿ ਅਸੀਂ ਸਿਹਤ ਵਿਭਾਗ ਵਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਦੀ ਪੂਰੀ ਤਰ੍ਹਾਂ ਨਾਲ ਪਾਲਣਾ ਕਰੀਏ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਬਜ਼ੁਰਗ ਜਾਂ ਗੰਭੀਰ ਬੀਮਾਰੀਆਂ ਤੋਂ ਪੀੜਤ ਮਰੀਜ ਸਿਰਫ ਐਮਰਜੈਂਸੀ ਹਾਲਾਤਾਂ ਵਿੱਚ ਹੀ ਘਰਾਂ ਤੋਂ ਬਾਹਰ ਨਿਕਲਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਨੂੰ ਕੋਵਿਡ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਲਈ ਪਹਿਲਾਂ ਤੋਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਉਥੇ ਸ਼ਾਪਿੰਗ ਕੰਪਲੈਕਸ ਨੂੰ ਮਾਸਕ ਅਤੇ ਸੈਨੇਟਾਈਜਰ ਸਬੰਧੀ ਨਿਰਦੇਸ਼ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੋਰੋਨਾ ਦੀ ਕੋਈ ਵੈਕਸੀਨ ਨਹੀਂ ਆ ਜਾਂਦੀ ਉਦੋਂ ਤੱਕ ਸਾਨੂੰ ਮਾਸਕ ਨੂੰ ਹੀ ਦਵਾਈ ਸਮਝਣਾ ਚਾਹੀਦਾ ਹੈ ਅਤੇ ਹਮੇਸਾਂ ਸਹੀ ਤਰੀਕੇ ਨਾਲ ਮਾਸਕ ਪਹਿਨ ਕੇ ਹੀ ਘਰ ਤੋਂ ਬਾਹਰ ਨਿਕਲਣਾ ਚਾਹੀਦਾ। ਉਨ੍ਹਾਂ ਸਿਹਤ ਵਿਭਾਗ ਵਲੋਂ ਦਿੱਤੀ ਗਈ ਸਿਹਤ ਸਲਾਹਕਾਰੀ ਇਕ ਦੂਜੇ ਤੋਂ ਬਣਦੀ ਦੂਰੀ, ਮਾਸਕ ਪਹਿਨਣਾ ਅਤੇ ਹੋਰ ਜ਼ਰੂਰੀ ਸਲਾਹਾਂ ਦੀ ਪਾਲਣਾ ਕਰਨ ਸਬੰਧੀ ਅਪੀਲ ਕੀਤੀ।
ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਡੇਂਗੂ ਸਬੰਧੀ 140 ਕੇਸ ਰਿਪੋਰਟ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਲੋਂ ਵਾਰਡ ਪੱਧਰ ’ਤੇ ਫਾਗਿੰਗ ਜਾਰੀ ਹੈ ਪਰ ਜਦੋਂ ਤੱਕ ਲੋਕ ਸਹਿਯੋਗ ਨਹੀਂ ਕਰਨਗੇ ਉਦੋਂ ਤੱਕ ਇਸ ਬਿਮਾਰੀ ’ਤੇ ਕਾਬੂ ਨਹੀਂ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਪਹਿਲਾਂ 50 ਟੀਮਾਂ ਹਾਊਸ ਟੂ ਹਾਊਸ ਸਰਬੇ ਕਰਦੀਆਂ ਸਨ ਪਰ ਹੁਣ ਇਨ੍ਹਾਂ ਟੀਮਾਂ ਦੀ ਸੰਖਿਆ ਵਧਾ ਕੇ 80 ਕਰ ਦਿੱਤੀ ਗਈ ਹੈ ਅਤੇ ਇਹ ਟੀਮਾਂ ਵਿਸ਼ੇਸ਼ ਤੌਰ ’ਤੇ ਉਨ੍ਹਾਂ ਸਥਾਨਾਂ ’ਤੇ ਫੋਰਸ ਕਰਨਗੀਆਂ ਜਿਥੇ ਡੇਂਗੂ ਨਾਲ ਸਬੰਧਤ ਵੱਧ ਕੇਸ ਰਿਪੋਰਟ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਸਥਿਤ ਜਨ ਔਸ਼ਧੀ ਕੇਂਦਰ ਵਿੱਚ ਡੇਂਗੂ ਸਬੰਧਿਤ ਮੈਡੀਕਲ ਕਿਟਸ ਉਪਲਬੱਧ ਹੈ ਜੋ ਕਿ ਕੰਟਰੋਲ ਰੇਟ ’ਤੇ ਮਰੀਜ਼ਾਂ ਨੂੰ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਨ ਔਸ਼ਧੀ ਕੇਂਦਰ ਪਹਿਲਾਂ ਸ਼ਾਮ 5 ਵਜੇ ਬੰਦ ਹੋ ਜਾਂਦਾ ਸੀ ਪਰ ਲੋਕਾਂ ਦੀ ਸੁਵਿਧਾ ਨੂੰ ਦੇਖਦੇ ਹੋਹੇ ਹੁਣ ਤੋਂ ਇਹ ਕੇਂਦਰ ਰਾਤ 12 ਵਜੇ ਤੱਕ ਖੁੱਲ੍ਹਾ ਰਹੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰਾਂ ਵਿੱਚ ਫਰਿਜਾਂ ਅਤੇ ਕੂਲਰਾਂ ਆਦਿ ਦੀ ਸਫਾਈ ਕਰਨੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਹਫ਼ਤੇ ਵਿੱਚ ਅੰਡੇ ਤੋਂ ਪੂਰਾ ਮੱਛਰ ਬਣਦਾ ਹੈ ਇਸ ਲਈ ਕੂਲਰਾਂ, ਗਮਲਿਆਂ, ਫਰਿਜਾਂ ਦੀਆਂ ਟਰੇਅ ਅਤੇ ਹੋਰ ਪਾਣੀ ਦੇ ਬਰਤਨਾਂ ਨੂੰ ਹਫ਼ਤੇ ਵਿੱਚ ਇਕ ਦਿਨ ਜ਼ਰੂਰ ਸਾਫ ਕਰਨ। ਉਨ੍ਹਾਂ ਦੱਸਿਆ ਕਿ ਡੇਂਗੂ ਦਾ ਮੱਛਰ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਅਤੇ ਆਸ-ਪਾਸ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ।