ਅਸ਼ੋਕ ਵਰਮਾ
ਬਠਿੰਡਾ, 1 ਨਵੰਬਰ 2020 - ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਅਮਰਜੀਤ ਹਨੀ ਅਤੇ ਨਥਾਣਾ ਬਲਾਕ ਦੇ ਆਗੂ ਪਾਲੀ ਲਹਿਰਾ ਮੁਹੱਬਤ ਨੇ ਫਸਲੀ ਕਰਜ਼ੇ,ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ ਵਿੱਚੋਂ ਬਾਹਰ ਰੱਖਣਾ ਮੋਦੀ ਸਰਕਾਰ ਦਾ ਫੈਸਲਾ ਕਿਸਾਨ ਵਿਰੋਧੀ ਕਰਾਰ ਦਿੱਤਾ ਹੈ।
ਕਿਸਾਨ ਆਗੂਆਂ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਲਗਾਤਾਰ ਕਿਸਾਨਾਂ ਦੇ ਵਿਰੋਧ ਵਿੱਚ ਫੈਸਲੇ ਕੀਤੇ ਜਾ ਰਹੇ ਹਨ ਜਿਹਨਾਂ ’ਚ ਪਹਿਲਾਂ ਚਾਰ ਕਾਲ਼ੇ ਕਾਨੂੰਨ ਪਾਸ ਕਰਨੇ ਹਨ ਜਦੋਂਕਿ ਤਾਜਾ ਫੈਸਲਾ ਮੋਦੀ ਸਰਕਾਰ ਦੀ ਨੀਅਤ ਤੇ ਸਵਾਲ ਚੁੱਕਣ ਵਾਲਾ ਹੈ।
ਉਹਨਾਂ ਕਿਹਾ ਕਿ ਪ੍ਰਦੂਸ਼ਣ ਨੂੰ ਰੋਕਣ ਦੇ ਨਾਂਅ ਤੇ ਇੱਕ ਕਰੋੜ ਰੁਪਏ ਜੁਰਮਾਨਾ ਅਤੇ 5 ਸਾਲ ਦੀ ਸਜਾ ਵਾਲਾ ਨਵਾਂ ਅਰਡੀਨੈਂਸ ਜਾਰੀ ਕਰਨ ਤੋਂ ਸਪੱਸ਼ਟ ਹੈ ਕਿ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਟਕਰਾਅ ਲੈਣ ਦਾ ਪੂਰਾ ਇਰਾਦਾ ਕੀਤਾ ਹੋਇਆ ਹੈ। ਉਹਨਾਂ ਕਿਹਾ ਕਿ ਕੋਰੋਨਾ ਦੌਰਾਨ ਦੇਸ਼ ਦੇ ਕਿਸਾਨਾਂ ਨੇ ਦਿਨ ਰਾਤ ਇੱਕ ਕਰਕੇ ਦੇਸ਼ ਦੇ ਅਨਾਜ ਭੰਡਾਰ ਦੇ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ ਫਿਰ ਵੀ ਸਰਕਾਰ ਉਹਨਾਂ ਨਾਲ ਧੱਕਾ ਕਰ ਰਹੀ ਹੈ।
ਉਹਨਾਂ ਕਿਹਾ ਕਿ ਖੇਤੀ ਖੇਤਰ ਨੂੰ ਵਿਆਜ ਮੁਆਫੀ ਦੇ ਘੇਰੇ ਵਿੱਚੋਂ ਬਾਹਰ ਰੱਖਣਾ ਕਿਸਾਨਾਂ ਦੇ ਜਖਮਾਂ ਤੇ ਲੂਣ ਛਿੜਕਣ ਦੇ ਬਰਾਬਰ ਹੈ। ਉਹਨਾਂ ਮੋਦੀ ਸਰਕਾਰ ਤੋਂ ਹੋਰਨਾਂ ਖੇਤਰਾਂ ਦੀ ਤਰਾਂ ਖੇਤੀ ਨੂੰ ਵੀ ਸਕੀਮ ਦੇ ਦਾਇਰੇ ’ਚ ਲਿਆਉਣ ਦੀ ਮੰਗ ਕੀਤੀ ਤਾਂ ਜੋ ਕਿਸਾਨੀ ਮੁੜ ਆਪਣੇ ਪੈਰਾਂ ਤੇ ਖੜੀ ਹੋ ਸਕੇ। ਉਹਨਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਇਸ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।