ਅਸ਼ੋਕ ਵਰਮਾ
ਬਠਿੰਡਾ, 5 ਨਵੰਬਰ 2020 - ਮੁਲਕ ਭਰ ਦੀਆਂ ਕਿਸਾਨ ਜੱਥੇਬੰਦੀਆਂ ਦੇ ਸੱਦੇ ਤਹਿਤ ਅੱਜ ਸਾਂਝੇ ਮੰਚ ਦੇ ਵਿੱਚ ਸ਼ਾਮਿਲ ਜਥੇਬੰਦੀਆਂ ਨੇ ਭਾਈ ਘਨੱਈਆ ਚੌਂਕ ’ਚ ਜਾਮ ਲਾਇਆ ਅਤੇ ਮੋਦੀ ਸਰਕਾਰ ਤੋਂ ਖੇਤੀ ਕਾਨੂੰਨ ਵਾਪਿਸ ਲੈਣ ਦੀ ਮੰਗ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਅੱਜ ਇਸ ਮੌਕੇ ਵੱਖ ਵੱਖ ਆਗੂਆਂ ਨੇ ਮੋਦੀ ਸਰਕਾਰ ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਕਿ ਮੋਦੀ ਸਰਕਾਰ ਲਗਾਤਾਰ ਲੋਕ ਵਿਰੋਧੀ ਕਾਨੂੰਨ ਲਿਆ ਰਹੀ ਹੈ, ਜਿਹਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਲਗਾਤਾਰ ਸੰਘਰਸ਼ ਦੇ ਮੈਦਾਨ ਵਿੱਚ ਹਨ। ਕਿਸਾਨ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੀ ਖਾਤਰ ਲਗਾਤਾਰ ਲੋਕਾਂ ਦੀ ਸੰਘੀ ਨੱਪ ਅਤੇ ਲੋਕ ਵਿਰੋਧੀ ਫ਼ੈਸਲੇ ਕਰ ਰਹੀ ਹੈ ਜਿਸ ਖ਼ਿਲਾਫ਼ ਆਰ ਪਾਰ ਦੀ ਲੜਾਈ ਲੜੀ ਜਾਵੇਗੀ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ 26 ਅਤੇ 27 ਨਵੰਬਰ ਨੂੰ ਪੂਰੇ ਭਾਰਤ ਦੇ ਕਿਸਾਨਾਂ ਵੱਲੋਂ ਦਿੱਲੀ ਦੀ ਘੇਰਾਬੰਦੀ ਕੀਤੀ ਜਾਵੇਗੀ।
ਅੱਜ ਦੇ ਬੁਲਾਰਿਆਂ ’ਚ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਮਾਨਸਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਜੀਦਾ, ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੂਆਣਾ , ਕਿਰਤੀ ਕਿਸਾਨ ਯੂਨੀਅਨ ਨਥਾਣਾ ਬਲਾਕ ਦੇ ਆਗੂ ਪਾਲੀ ਲਹਿਰਾ ਮੁਹੱਬਤ, ਬੀਕੇਯੂ ਸਿੱਧੂਪੁਰ ਦੇ ਪ੍ਰੈੱਸ ਸਕੱਤਰ ਰਣਜੀਤ ਸਿੰਘ ਜੀਦਾ, ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਬੀਕੇਯੂ ਡਕੌਂਦਾ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਭਾਈਰੂਪਾ, ਬਲਦੇਵ ਸਿੰਘ ਬੱਲੂਆਣਾ ਅਤੇ ਜਮਹੂਰੀ ਕਿਸਾਨ ਸਭਾ ਦੇ ਮੀਤ ਪ੍ਰਧਾਨ ਬਠਿੰਡਾ ਦੇ ਨੈਬ ਸਿੰਘ ਫੂਸ ਮੰਡੀ ਨੇ ਚਿਤਾਵਨੀ ਦਿੱਤੀ ਕਿ ਕਾਲੇ ਕਾਨੂੰਨ ਵਾਪਿਸ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।ਇਸ ਮੌਕੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਦੋਧੀ ਯੂਨੀਅਨ ਦੇ ਸੂਬਾ ਆਗੂ ਸੋਹਣ ਸਿੰਘ ਭੁੱਚੋ ਖੁਰਦ, ਬਿਜਲੀ ਆਗੂ ਗੁਰਨਾਮ ਸਿੰਘ, ਡੀਟੀਐਫ ਦੇ ਪ੍ਰਧਾਨ ਜਗਪਾਲ ਬੰਗੀ, ਆਗੂ ਦਰਸ਼ਨ ਮੌੜ, ਬਿਜਲੀ ਮੁਲਾਜਮ ਆਗੂ ਸੰਪੂਰਨ ਸਿੰਘ ਬਠਿੰਅਤੇ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਹਾਜ਼ਰੀ ਲਵਾਈ।