ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 7 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਅੱਜ ਇੱਕ ਹੋਰ ਮੌਤ ਹੋ ਗਈ ਹੈ, ਜਦੋਂਕਿ ਦੂਜੇ ਪਾਸੇ ਕੋਰੋਨਾ ਦੇ ਕੋਰੋਨਾ ਦੇ 6 ਨਵੇਂ ਮਾਮਲੇ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਦੋਂਕਿ 4 ਕੇਸ ਮਲੋਟ ਤੇ 1 ਕੇਸ ਅਰਨੀਵਾਲਾ ਵਜੀਰਾ ਤੋਂ ਸਬੰਧਿਤ ਹੈ, ਜਿਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 14 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 470 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 375 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 328 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 3123 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 2908 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 148 ਕੇਸ ਸਰਗਰਮ ਚੱਲ ਰਹੇ ਹਨ।
ਇੱਕ ਹੋਰ ਔਰਤ ਦੀ ਜਿੰਦਗੀ ਨਿਗਲ ਗਿਆ ਕੋਰੋਨਾ
ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਨਾਲ ਇੱਕ ਹੋਰ ਔਰਤ ਦੀ ਮੌਤ ਹੋ ਗਈ ਹੈ। ਮਿ੍ਰਤਕਾ 30 ਸਾਲਾ ਸੀ ਤੇ ਮਲੋਟ ਦੇ ਮਹਾਂਵੀਰ ਨਗਰ ਤੋਂ ਸਬੰਧਿਤ ਸੀ, ਜੋ ਕੋਰੋਨਾ ਪਾਜ਼ੇਟਿਵ ਚੱਲ ਰਹੀ ਸੀ ਤੇ ਪੀਜੀਆਈ ਚੰਡੀਗੜ੍ਹ ਵਿਖੇ ਦਾਖ਼ਲ ਸੀ, ਜਿੱਥੇ ਇਲਾਜ ਦੌਰਾਨ ਅੱਜ ਉਸਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 67 ਮੌਤਾਂ ਹੋ ਚੁੱਕੀਆਂ ਹਨ।