ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 15 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਕਰਕੇ ਇੱਕ ਹੋਰ ਵਿਅਕਤੀ ਦੀ ਮੌਤ ਹੋ ਗਈ ਹੈ, ਜਦੋਂਕਿ ਜ਼ਿਲ੍ਹੇ ਅੰਦਰ ਕੋਰੋਨਾ ਦੇ 2 ਨਵੇਂ ਮਰੀਜ਼ ਵੀ ਸਾਹਮਣੇ ਆਏ ਹਨ। ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਅਨੁਸਾਰ 1 ਕੇਸ ਮਲੋਟ ਤੇ 1 ਕੇਸ ਸੋਥਾ ਤੋਂ ਸਬੰਧਿਤ ਪਾਏ ਗਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 19 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 37 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਇਸ ਸਮੇਂ 186 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 43 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3295 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3018 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 203 ਕੇਸ ਸਰਗਰਮ ਚੱਲ ਰਹੇ ਹਨ।
ਇੱਕ ਹੋਰ ਵਿਅਕਤੀ ਦੀ ਜਿੰਦਗੀ ਨਿਗਲ ਗਿਆ ਕੋਰੋਨਾ
ਕੋਰੋਨਾ ਕਰਕੇ ਜ਼ਿਲ੍ਹੇ ਅੰਦਰ ਅੱਜ ਇੱਕ ਹੋਰ ਮੌਤ ਹੋ ਗਈ ਹੈ। ਮਿ੍ਰਤਕ ਦੀ ਉਮਰ 75 ਸਾਲ ਸੀ ਤੇ ਇਹ ਮਲੋਟ ਦੀ ਗੁਰੂ ਨਾਨਕ ਨਗਰੀ ਦੀ ਗਲੀ ਨੰਬਰ 6 ਦਾ ਵਾਸੀ ਸੀ। ਮਿ੍ਰਤਕ ਕੋਰੋਨਾ ਪਾਜ਼ੇਟਿਵ ਸੀ ਤੇ ਘਰ ਅੰਦਰ ਹੀ ਆਈਸੂਲੇਟ ਸੀ, ਜਿਸਦੀ ਅੱਜ ਮੌਤ ਹੋ ਗਈ ਹੈ। ਇਸ ਸਮੇਂ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਕੁੱਲ 74 ਮੌਤਾਂ ਹੋ ਚੁੱਕੀਆਂ ਹਨ।