ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਨਵੰਬਰ 2020 - ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਕੋਰੋਨਾ ਨਾਲ ਮੌਤਾਂ ਤੇ ਨਵੇਂ ਕੇਸਾਂ ’ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਫ਼ਿਰ ਜ਼ਿਲ੍ਹੇ ਅੰਦਰ ਕੋਰੋਨਾ ਕਰਕੇ ਇੱਕ ਹੋਰ ਮੌਤ ਹੋਈ ਹੈ, ਜਦੋਂਕਿ 28 ਨਵੇਂ ਕੇਸਾਂ ਦੀ ਪੁਸ਼ਟੀ ਵੀ ਸਿਹਤ ਵਿਭਾਗ ਵੱਲੋਂ ਕੀਤੀ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 8 ਕੇਸ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਤੋਂ ਸਾਹਮਣੇ ਆਏ ਹਨ, ਜਦੋਂਕਿ 11 ਕੇਸ ਮਲੋਟ, 5 ਕੇਸ ਗਿੱਦੜਬਾਹਾ, 1 ਕੇਸ ਰੱਥੜੀਆਂ, 1 ਕੇਸ ਲਾਲਬਾਈ ਤੇ 2 ਕੇਸ ਮੰਡੀ ਕਿੱਲਿਆਂਵਾਲੀ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ।
ਇਸ ਤੋਂ ਇਲਾਵਾ ਅੱਜ 18 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 200 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 360 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 68 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3426 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3117 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 227 ਕੇਸ ਸਰਗਰਮ ਚੱਲ ਰਹੇ ਹਨ।
ਇੱਕ ਹੋਰ ਜਿੰਦਗੀ ਨਿਗਲ ਗਿਆ ਕੋਰੋਨਾ
ਕੋਰੋਨਾ ਕਰਕੇ ਅੱਜ ਇੱਕ ਹੋਰ ਮੌਤ ਹੋਈ ਹੈ। 55 ਸਾਲਾ ਮਿ੍ਰਤਕ ਵਿਅਕਤੀ ਸ੍ਰੀ ਮੁਕਤਸਰ ਸਾਹਿਬ ਦਾ ਵਾਸੀ ਸੀ, ਜੋ ਕੋਰੋਨਾ ਪਾਜ਼ੇਟਿਵ ਚੱਲ ਰਿਹਾ ਸੀ ਤੇ ਇਲਾਜ ਲਈ ਫਰੀਦਕੋਟ ਵਿਖੇ ਦਾਖ਼ਲ ਸੀ। ਅੱਜ ਇਲਾਜ ਦੌਰਾਨ ਇਸ ਵਿਅਕਤੀ ਦੀ ਮੌਤ ਹੋ ਗਈ ਹੈ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਕੋਰੋਨਾ ਕਰਕੇ 82 ਮੌਤਾਂ ਹੋ ਚੁੱਕੀਆਂ ਹਨ।