- ਕਿਸਾਨਾਂ ਦਾ ਸ਼ਾਂਤਮਈ ਅੰਦੋਲਨ ਸੰਵਿਧਾਨਕ ਹੱਕ, ਜਿਸ ਨੂੰ ਰੋਕਣਾ ਕੇਂਦਰ ਦਾ ਤਾਨਾਸ਼ਾਹੀ ਫਰਮਾਨ
- ਸ. ਪਰਮਿੰਦਰ ਸਿੰਘ ਢੀਂਡਸਾ ਖੁਦ ਇਸ ਅੰਦੋਲਨ ਵਿਚ ਸ਼ਾਮਿਲ ਹੋਕੇ ਕਿਸਾਨਾਂ ਦਾ ਸਾਥ ਦੇਣਗੇ
ਚੰਡੀਗੜ੍ਹ, ਨਵੰਬਰ 25, 2020 - ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੇ 26-27 ਨਵੰਬਰ ਦੇ "ਦਿੱਲੀ ਚੱਲੋ" ਅੰਦੋਲਨ ਦਾ ਰਾਹ ਰੋਕਣ ਤੇ ਸ਼ੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਹਰਿਆਣਾ ਪੁਲਿਸ ਵੱਲੋਂ ਪੰਜਾਬ-ਹਰਿਆਣਾ ਸਰਹੱਦ ਨੂੰ ਸੀਲ ਕਰਨ ਨਾਲ ਇਹ ਸਪਸ਼ੱਟ ਹੋ ਗਿਆ ਕਿ ਹਰਿਆਣਾ ਦੀ ਭਾਜਪਾ ਸਰਕਾਰ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਇਸ਼ਾਰਿਆਂ ਤੇ ਕਿਸਾਨਾਂ ਦੇ ਸ਼ਾਂਤਮਈ ਅੰਦੋਲਨ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ।
ਸ. ਢੀਂਡਸਾ ਨੇ ਹਰਿਆਣਾ ਸਰਕਾਰ ਵੱਲੋਂ ਕਿਸਾਨਾਂ ਦੀ ਫੜੋ-ਫੜੀ ਨੂੰ ਵੀ ਗੈਰਜਮਹੂਰੀ ਕਰਾਰ ਦਿੱਤਾ ਹੈ। ਉਨ੍ਹਾ ਕਿਹਾ ਕਿ ਹਰਿਆਣਾ ਪੁਲਿਸ ਨੇ ਜ਼ਮੀਨੀ ਪੱਧਰ ਤੇ ਜੁੜੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾ ਹੈਰਾਨੀ ਜ਼ਾਹਿਰ ਕੀਤੀ ਕਿ ਜਦੋਂ ਕਿਸਾਨ ਪਹਿਲਾਂ ਹੀ ਇਸ ਅੰਦੋਲਨ ਨੂੰ ਸ਼ਾਂਤਮਈ ਢੰਗ ਨਾਲ ਕਰਨ ਦਾ ਐਲਾਨ ਕਰ ਚੁੱਕੇ ਹਨ ਤਾਂ ਫ਼ਿਰ ਹਰਿਆਣਾ ਪੁਲਿਸ ਨੇ ਅਜਿਹਾ ਕਦਮ ਕਿਉ ਚੁੱਕਿਆ। ਉਨ੍ਹਾ ਕਿਹਾ ਕਿ ਕਿਸਾਨਾਂ ਦਾ ਇਹ ਸੰਘਰਸ਼ ਦੇਸ਼ ਵਿਆਪੀ ਅੰਦੋਲਨ ਹੈ। ਜਿਸ ਵਿਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹਨ। ਹਰਿਆਣਾ ਦੇ ਕਿਸਾਨਾਂ ਨੇ ਬਕਾਇਦਾ ਪੰਜਾਬ ਦੇ ਕਿਸਾਨਾਂ ਲਈ ਵੈਲਕਮ ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਅੰਦੋਲਨ ਵਿਚ ਕਿਸਨਾਂ ਦਾ ਸਾਥ ਦੇਣ ਲਈ ਖੁਦ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ, ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਅਪਣੇ ਹੋਰ ਸਾਥੀਆਂ ਨਾਲ ਅੰਦੋਲਨ ਦਾ ਹਿੱਸਾ ਬਣ ਰਹੇ ਹਨ।
ਉਨ੍ਹਾ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਸੰਵਿਧਾਨਕ ਰੂਪ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਹਰਿਆਣਾ ਸਰਕਾਰ ਵੱਲੋਂ ਅਪਣੀਆਂ ਸਰਹੱਦਾਂ ਸੀਲ ਕਰਨਾ ਮੰਦਭਾਗਾ ਹੈ। ਉਨ੍ਹਾ ਕਿਹਾ ਕਿ ਕਿਸਨਾਂ ਦਾ ਇਹ ਅੰਦੋਲਨ ਪਿਛਲੇ ਕੁੱਝ ਮਹੀਨਿਆਂ ਤੋਂ ਬਿਲਕੁਲ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਹੈ। ਅਜਿਹੇ ਵਿਚ ਕੇਂਦਰ ਸਰਕਾਰ ਦਾ ਇਹ ਫਰਜ਼ ਬਣਦਾ ਹੈ ਕਿ ਉਹ ਕਿਸਾਨਾਂ ਦੀ ਗੱਲ ਸੁਣੇ ਅਤੇ ਉਨ੍ਹਾ ਦੀਆਂ ਮੰਗਾਂ ਨੂੰ ਪੁਰੀ ਕਰੇ। ਸ. ਢੀਂਡਸਾ ਨੇ ਅੱਗੇ ਕਿਹਾ ਕਿ ਉਨ੍ਹਾ ਦੀ ਪਾਰਟੀ ਕਿਸਾਨਾਂ ਦੇ ਇਸ ਸੰਘਰਸ਼ ਵਿਚ ਉਨ੍ਹਾ ਦੇ ਨਾਲ ਹੈ। ਸਾਡੀ ਪਾਰਟੀ ਨੇ ਕਦੇ ਵੀ ਇਸ ਸੰਘਰਸ਼ ਵਿਚ ਸਿਆਸੀ ਲਾਹਾ ਨਹੀ ਲਿਆ ਹੈ। ਪਾਰਟੀ ਕੇਵਲ ਕਿਸਾਨਾਂ ਦੇ ਅੰਦੋਲਨ ਵਿਚ ਸ਼ਾਮਿਲ ਹੋਕੇ ਉਨ੍ਹਾ ਦੀ ਆਵਾਜ਼ ਬੁਲੰਦ ਕਰਨਾ ਚਾਹੁੰਦੀ ਹੈ ਅਤੇ ਅਸੀ ਸੱਚਾਈ ਦੇ ਨਾਲ ਹਾਂ। ਉਨ੍ਹਾ ਨੇ ਅਪਣੀ ਪਾਰਟੀ ਦੇ ਵਰਕਰਾਂ ਨੂੰ ਕਿਸਾਨ ਅੰਦੋਲਨ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ।