- ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ ਕਰਫਿਊ, ਦੁਕਾਨਾਂ, ਹੋਟਲ ਅਤੇ ਹੋਰ ਅਦਾਰੇ 9:30 ਵਜੇ ਹੋਣਗੇ ਬੰਦ
- ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਕੋਵਿਡ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾਂ ਕਰਨ ਦੀ ਕੀਤੀ ਅਪੀਲ
- ਕਿਹਾ, ਜ਼ਿਲ੍ਹੇ ’ਚ ਰੋਜ਼ਾਨਾ 1700 ਦੇ ਕਰੀਬ ਕੀਤੀ ਜਾ ਰਹੀ ਹੈ ਸੈਂਪਲਿੰਗ
ਹੁਸ਼ਿਆਰਪੁਰ, 26 ਨਵੰਬਰ 2020 - ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਹੋਰ ਸੂਬਿਆਂ ਵਿੱਚ ਵੱਧ ਰਹੇ ਕੋਵਿਡ ਦੇ ਪ੍ਰਭਾਵ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਆਪਣੇ ਅਤੇ ਆਪਣੇ ਪਰਿਵਾਰ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਉਣ। ਉਹ ਅੱਜ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਦੇ ਫੇਸਬੁੱਕ ਪੇਜ ’ਤੇ ਲਾਈਵ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕੋਵਿਡ-19 ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਪੰਜ ਹਾਟ ਸਪਾਟ ਹਨ। ਉਨ੍ਹਾਂ 1 ਦਸੰਬਰ ਤੋਂ 14 ਦਸੰਬਰ ਤੱਕ ਲੱਗਣ ਵਾਲੇ ਨਾਈਟ ਕਰਫਿਊ ਸਬੰਧੀ ਵੀ ਜਾਣਕਾਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਦੇ ਕੁਝ ਸੂਬਿਆਂ ਵਿੱਚ ਕੋਵਿਡ ਦੇ ਵੱਧਦੇ ਪ੍ਰਭਾਵਾਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ 1 ਦਸੰਬਰ ਤੋਂ 15 ਸਤੰਬਰ ਤੱਕ ਨਾਈਟ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਮਾਸਕ ਨਾ ਪਾਉਣ ਵਾਲਿਆਂ ਲਈ ਕੀਤੇ ਜਾਣ ਵਾਲੇ ਜ਼ੁਰਮਾਨੇ ਨੂੰ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰਨ ਦੇ ਵੀ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ, ਪਰ ਦੁਕਾਨਾਂ, ਹੋਟਲ, ਰੈਸਟੋਰੈਂਟ, ਮੈਰਿਜ ਪੈਲਿਸ ਅਤੇ ਹੋਰ ਅਦਾਰੇ 9:30 ਵਜੇ ਬੰਦ ਕਰ ਦਿੱਤੇ ਜਾਣਗੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਜ਼ਰੂਰ ਪਾਉਣ, ਹੱਥਾਂ ਨੂੰ ਸਮੇਂ-ਸਮੇਂ ’ਤੇ ਸਾਬਣ ਅਤੇ ਸੈਨੇਟਾਈਜ਼ਰ ਨਾਲ ਸਾਫ ਕਰਦੇ ਰਹਿਣ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ।
ਅਪਨੀਤ ਰਿਆਤ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਕੰਟਰੋਲ ਲਈ ਪ੍ਰਸ਼ਾਸਨ ਵਲੋਂ ਲਗਾਤਾਰ ਯਤਨ ਜਾਰੀ ਹਨ ਪਰ ਲੋਕਾਂ ਦੇ ਸਹਿਯੋਗ ਨਾਲ ਹੀ ਯਤਨਾਂ ਨੂੰ ਸਫਲ ਬਣਾਇਆ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਬਚਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਰੋਜ਼ਾਨਾਂ ਕੋਵਿਡ-19 ਦੇ ਕਰੀਬ 1700 ਟੈਸਟ ਕੀਤੇ ਜਾਂਦੇ ਹਨ ਇਸ ਤੋਂ ਇਲਾਵਾ ਜੋ ਸਕੂਲ, ਕਾਲਜ ਖੁੱਲ੍ਹੇ ਹਨ ਉਥੇ ਵੀ ਸੈਂਪÇਲੰਗ ਕੀਤੀ ਜਾਂਦੀ। ਉਨ੍ਹਾਂ ਲੋਕਾਂ ਨੂੰ ਸੈਂਪÇਲੰਗ ਕਰਨ ਵਾਲੀਆਂ ਸਿਹਤ ਟੀਮਾਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਨਿਰਦੇਸ਼ਾਂ ’ਤੇ ਕੋਵਿਡ ਪਾਜ਼ੀਟਿਵ ਆਉਣ ਵਾਲੇ ਮਰੀਜ ਨੂੰ 14 ਦਿਨ ਲਈ ਇੰਸਟੀਚਿਊਸ਼ਨਲ ਕੁਆਰਨਟੀਨ ਨਹੀਂ ਕੀਤਾ ਜਾਂਦਾ ਬਲਕਿ ਉਸਦੇ ਘਰ ਵਿੱਚ ਹੀ ਇਕਾਂਤਵਾਸ ਕੀਤਾ ਜਾਂਦਾ ਹੈ।