ਰਜਨੀਸ਼ ਸਰੀਨ
ਲੁਧਿਆਣਾ, 27 ਨਵੰਬਰ 2020 - ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਪਵਨ ਦੀਵਾਨ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਕਾਰਪੋਰੋਟ ਘਰਾਣਿਆਂ ਪ੍ਰਤੀ ਪਿਆਰ ਕਾਰਨ ਕਿਸਾਨਾਂ ਨੂੰ ਅੰਦੋਲਨ ਲਈ ਮਜਬੂਰ ਹੋਣਾ ਪਿਆ ਹੈ।
ਇੱਥੇ ਜਾਰੀ ਇਕ ਬਿਆਨ ਚ ਦੀਵਾਨ ਨੇ ਦੋਸ਼ ਲਾਇਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹਿੱਤ ਚ ਕੰਮ ਕਰ ਰਹੀ ਹੈ, ਜਿਹੜੀ ਕਿਸਾਨ ਵਿਰੋਧੀ ਕਾਨੂੰਨ ਲੈ ਕੇ ਆਈ ਹੈ ਅਤੇ ਹੁਣ ਜਦੋਂ ਕਿਸਾਨਾਂ ਨੇ ਉਨ੍ਹਾਂ ਕਾਨੂੰਨਾਂ ਦਾ ਵਿਰੋਧ ਕੀਤਾ, ਤਾਂ ਉਸ ਨੂੰ ਜਬਰੀ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਨ੍ਹਾਂ ਨੇ ਪਹਿਲਾਂ ਕਈ ਵਾਰ ਗੱਲਬਾਤ ਦੇ ਨਾ ਤੇ ਕਿਸਾਨਾਂ ਨੂੰ ਠੁਕਰਾਇਆ ਤੇ ਜਦੋਂ ਕਿਸਾਨ ਦਿੱਲੀ 'ਚ ਪ੍ਰਦਰਸ਼ਨ ਕਰਨ ਲਈ ਜਾ ਰਹੇ ਸਨ, ਤਾਂ ਉਨ੍ਹਾਂ ਉੱਪਰ ਬਲ ਦਾ ਪ੍ਰਯੋਗ ਕੀਤਾ ਗਿਆ।
ਦੀਵਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਦੀ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹੀ ਹੈ। ਜਿਨ੍ਹਾਂ ਨੇ ਕੇਂਦਰ ਨੂੰ ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ ਹੈ।