ਅਸ਼ੋਕ ਵਰਮਾ
ਮਾਨਸਾ, 6 ਦਸੰਬਰ 2020 - ਸਿਹਤ ਵਿਭਾਗ ਦੇ ਮੁਲਾਜ਼ਮਾਂ ਨੇ ਖੇਤੀਬਾੜੀ ਸੁਧਾਰਾਂ ਦੇ ਨਾਂਅ ਤੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਮਾਰੂ ਕਾਨੂੰਨ ਰੱਦ ਕਰਵਾਉਣ ਲਈ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਦਿੱਲੀ ਮੋਰਚੇ ਦੀ ਹਮਾਇਤ ਕੀਤੀ ਹੈ। ਮਾਨਸਾ ਵਿਖੇ ਸਿਹਤ ਮੁਲਾਜਮ ਸੰਘਰਸ਼ ਕਮੇਟੀ ਦੀ ਅੱਜ ਹੋਈ ਮੀਟਿੰਗ ’ਚ ਸਿਹਤ ਮੁਲਾਜ਼ਮਾਂ ਨੇ ਤਨ ਮਨ ਧਨ ਨਾਲ ਸਾਥ ਦੇਣ ਦਾ ਐਲਾਨ ਕੀਤਾ ਹੈ।
ਸੰਘਰਸ਼ ਕਮੇਟੀ ਆਗੂ ਜਗਦੀਸ਼ ਸਿੰਘ ਪੱਖੋ ਨੇ ਕਿਹਾ ਕਿ ਸਿਹਤ ਮੁਲਾਜ਼ਮ ਛੁੱਟੀਆਂ ਲੈ ਕੇ ਕਿਸਾਨ ਸੰਘਰਸ਼ ’ਚ ਸ਼ਾਮਲ ਹੋਣ ਲਈ ਦਿੱਲੀ ਜਾਣਗੇ ਜਿੱਥੇ ਮੈਡੀਕਲ ਕੈਂਪਾਂ ਰਾਹੀਂ ਦਵਾਈਆਂ ਅਤੇ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਉਹਨਾਂ ਕਿਹਾ ਕਿ ਹਰੇਕ ਵਿਅਕਤੀ ਸਿੱਧੇ ਜਾਂ ਅਸਿੱਧੇ ਤੌਰ 'ਤੇ ਕਿਸਾਨੀ 'ਤੇ ਨਿਰਭਰ ਹੈ। ਖਾਸ ਤੌਰ ਕਿਸਾਨ ਵੱਲੋਂ ਪੈਦਾ ਕੀਤੇ ਅਨਾਜ ਨਾਲ ਸਾਰੇ ਹੀ ਆਪਣਾ ਪੇਟ ਭਰਦੇ ਹਨ।
ਉਹਨਾਂ ਕਿਹਾ ਕਿ ਇਸ ਲਈ ਸਭ ਦਾ ਫਰਜ ਬਣਾਦਾ ਹੈ ਉਹਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਲੜਾਈ ਲੜੀ ਜਾਏ। ਮਲਟੀਪਰਪਜ ਹੈਲਥ ਇੰਪਲਿਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਾਨਣ ਦੀਪ ਸਿੰਘ ਨੇ ਕਿਹਾ ਕਿ ਜਦੋਂ ਖੇਤੀ ਕਾਨੂੰਨ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਹੀ ਪਸੰਦ ਨਹੀਂ ਤਾਂ ਕੇਂਦਰ ਸਰਕਾਰ ਨੂੰ ਉਹਨਾਂ ਨੂੰ ਰੱਦ ਕਰ ਦੇਣਾ ਚਾਹੀਦਾ ਹੈ। ਐਮ ਐਲ ਟੀ ਐਸੋਸੀਏਸ਼ਨ ਦੇ ਪ੍ਰਧਾਨ ਬਰਜਿੰਦਰ ਸਿੰਘ ਨੇ ਕਿਹਾ ਕਿ ਇਹ ਲੜਾਈ ਹੁਣ ਸਿਰਫ ਕਿਸਾਨਾਂ ਦੀ ਹੀ ਨਹੀਂ ਬਲਕਿ ਹਰ ਵਰਗ ਦੀ ਬਣ ਚੁੱਕੀ ਹੈ ਜਿਸ ਕਾਰਨ ਹੁਣ ਲੋਕ ਦਿੱਲੀ ਜਾਣ ਲਈ ਤਿਆਰ ਹੋ ਰਹੇ ਹਨ।
ਇਸ ਮੌਕੇ ਪੰਜਾਬ ਸਟੇਟ ਫਾਰਮੇਸੀ ਅਫਸਰ ਐਸੋਸੀਏਸਨ ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਸੁਭਾਸ ਚੰਦਰ, ਜਨਰਲ ਸਕੱਤਰ ਚੰਦਰ ਕਾਂਤ, ਕੈਸ਼ੀਅਰ ਸਿਸ਼ਨ ਗੋਇਲ, ਅਵਤਾਰ ਸਿੰਘ, ਕੈਸ਼ੀਅਰ ਅਮਰ ਨਾਥ, ਗੁਰਪ੍ਰੀਤ ਸਿੰਘ ਬਲਾਕ ਪ੍ਰਧਾਨ, ਅਮਰਜੀਤ ਸਿੰਘ ਅਤੇ ਨਿਰਮਲ ਸਿੰਘ ਕਣਕਵਾਲੀਆ ਹਾਜ਼ਰ ਸਨ।