ਮਾਨਸਾ:ਮਾਲਵਿੰਦਰ ਸਿੰਘ ਮਾਲੀ ਨੂੰ ਗ੍ਰਿਫਤਾਰ ਕਰਨ ਖਿਲਾਫ ਮੰਗ ਪੱਤਰ
ਅਸ਼ੋਕ ਵਰਮਾ
ਮਾਨਸਾ, 20 ਸਤੰਬਰ2024: ਪੰਜਾਬ ਸਰਕਾਰ ਵੱਲੋਂ ਉੱਘੇ ਟਿੱਪਣੀਕਾਰ ਮਾਲਵਿੰਦਰ ਸਿੰਘ ਮਾਲੀ ਨੂੰ ਝੂਠੇ ਕੇਸਾਂ ਵਿੱਚ ਗ੍ਰਿਫਤਾਰ ਕਰਨ ਦੇ ਖਿਲਾਫ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦੇਣ ਉਪਰੰਤ ਪੰਜਾਬ ਸਰਕਾਰ ਦੇ ਨਾਮ ਅਧਿਕਾਰੀਆਂ ਰਾਹੀਂ ਭੇਜੇ ਮੰਗ ਪੱਤਰ ਵਿੱਚ ਮੰਗ ਕੀਤੀ ਹੈ ਕਿ ਮਾਲੀ ਨੂੰ ਤੁਰੰਤ ਰਿਹਾ ਕੀਤਾ ਜਾਵੇ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਹੀ ਗੱਲ ਤੇ ਸਰਕਾਰ ਦੀ ਅਲੋਚਨਾ ਕਰਨੀ ਕੋਈ ਮਾੜੀ ਗੱਲ ਨਹੀਂ ਪਰ ਪੰਜਾਬ ਸਰਕਾਰ ਕੇਂਦਰ ਸਰਕਾਰ ਦੀ ਤਰ੍ਹਾਂ ਆਪਣੀ ਆਲੋਚਨਾ ਬਰਦਾਸਤ ਨਹੀਂ ਕਰ ਰਹੀ। ਤਾਨਾਸ਼ਾਹੀ ਢੰਗ ਵਰਤ ਕੇ ਆਲੋਚਨਾ ਕਰਨ ਵਾਲਿਆਂ ਦੀ ਜੁਬਾਨ ਬੰਦ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।
ਉਨਾਂ ਕਿਹਾ ਕਿ ਸਮੇਂ—ਸਮੇਂ ਦੀਆਂ ਸਰਕਾਰਾਂ ਇਹ ਕਹਿੰਦੀਆਂ ਹਨ ਕਿ ਸਾਡੇ ਦੇਸ਼ ਵਿੱਚ ਦੁਨੀਆਂ ਭਰ ਦੇ ਵਿੱਚ ਸਭ ਤੋਂ ਵੱਡਾ ਲੋਕਤੰਤਰ ਹੈ, ਪਰ ਮੰਗਾਂ ਮਸਲਿਆਂ ਲਈ ਬੋਲਣ ਵਾਲਿਆਂ ਤੇ ਸਿਕੰਜਾ ਕਸਿਆ ਜਾ ਰਿਹਾ ਹੈ ਫਿਰ ਇਸ ਨੂੰ ਲੋਕਤੰਤਰ ਕਹੀਏ ਜਾਂ ਤਾਨਾਸ਼ਾਹੀ। ਇਸ ਤੋਂ ਬਾਅਦ ਸਰਕਾਰ ਦੇ ਖਿਲਾਫ ਕਚਹਿਰੀਆਂ ਤੋਂ ਲੈ ਕੇ ਬੱਸ ਅੱਡੇ ਤੱਕ ਰੋਸ ਮੁਜਾਹਰਾ ਵੀ ਕੀਤਾ ਗਿਆ। ਇਸ ਸਮੇਂ ਉੱਤਮ ਸਿੰਘ ਰਾਮਾਂਨੰਦੀ, ਜਗਸੀਰ ਸਿੰਘ ਜਵਾਹਰਕੇ, ਹਰਪਾਲ ਸਿੰਘ ਮੀਰਪੁਰ ਕਲਾਂ, ਸਾਧੂ ਸਿੰਘ ਅਕਲੀਆ, ਕੁਲਦੀਪ ਸਿੰਘ ਚਚੋਹਰ, ਕਾਲਾ ਸਿੰਘ ਮੰਡੇਰ ਨੇ ਵੀ ਸੰਬੋਧਨ ਕੀਤਾ।