ਪੰਜਾਬ ਸਰਕਾਰ ਸੂਬੇ ਦੇ ਲੋਕਾਂ ਲਈ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਵਚਨਬੱਧ - ਚੇਅਰਮੈਨ ਰਮਨ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ, 20 ਸਤੰਬਰ 2024 - ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਾਰੇ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਕਰਦਿਆਂ ਰਮਨ ਬਹਿਲ, ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅਧਿਕਾਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਵੱਧ ਤੋਂ ਵੱਧ ਵਿਅਕਤੀਆਂ ਨੂੰ ਸ਼ਾਮਲ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਤੋਂ ਵਾਂਝਾ ਨਾ ਰਹਿ ਸਕੇ।
ਚੇਅਰਮੈਨ ਰਮਨ ਬਹਿਲ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਸਬੰਧੀ ਅਹਿਮ ਕਦਮ ਵਜੋਂ, ਸਟੇਟ ਹੈਲਥ ਏਜੰਸੀ (ਐਸਐਚਏ) ਵੱਲੋਂ ਦਾਅਵਿਆਂ ਸਬੰਧੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਮੈਡੀਕਲ ਪੇਸ਼ੇਵਰ ਨਿਯੁਕਤ ਕੀਤੇ ਜਾਣਗੇ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਸਟੇਟ ਹੈਲਥ ਏਜੰਸੀ ਦੀ ਸਬ-ਕਮੇਟੀ ਨਾਲ ਪਾਲਿਸੀ ਸਬੰਧੀ ਮਾਮਲਿਆਂ, ਕਰਮਚਾਰੀਆਂ ਦੀ ਘਾਟ ਅਤੇ ਸਟੇਟ ਹੈਲਥ ਏਜੰਸੀ ਦੇ ਚੱਲ ਰਹੇ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕਰਨ ਲਈ ਮੀਟਿੰਗ ਕੀਤੀ ਦਾ ਚੁੱਕੀ ਹੈ, ਜਿਸ ਵਿੱਚ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
ਦੱਸਣਯੋਗ ਹੈ ਕਿ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਕੀਮ ਸੂਬੇ ਭਰ ਦੇ 772 ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਪ੍ਰਤੀ ਪਰਿਵਾਰ ਪ੍ਰਤੀ ਸਾਲ 5 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਸਟੇਟ ਹੈਲਥ ਏਜੰਸੀ ਨੇ ਪੰਜਾਬ ਦੇ 45 ਲੱਖ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਦਾ ਲਾਭ ਦੇਣ ਲਈ 84.44 ਲੱਖ ਕਾਰਡ ਜਾਰੀ ਕੀਤੇ ਹਨ, ਜਿੰਨ੍ਹਾਂ ਵਿੱਚ ਗੋਡੇ ਬਦਲਣ, ਦਿਲ ਦੀਆਂ ਬਿਮਾਰੀਆਂ ਸਬੰਧੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲਗਭਗ 1600 ਕਿਸਮਾਂ ਦੇ ਇਲਾਜ ਕਰਵਾਉਣ ਦੀ ਸਹੂਲਤ ਹੈ। ਇਸ ਸਕੀਮ ਦਾ ਲਾਭ ਲੈਣ ਵਾਲਿਆਂ ਵਿੱਚ ਐਨਐਫਐਸਏ ਕਾਰਡ ਧਾਰਕ, ਜੇ-ਫਾਰਮ-ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਅਤੇ ਪੀਲੇ ਕਾਰਡ ਧਾਰਕ ਪੱਤਰਕਾਰ, ਅਤੇ 2011 ਦੇ ਸਮਾਜਿਕ-ਆਰਥਿਕ ਜਾਤੀ ਜਨਗਣਨਾ ਡੇਟਾ ਤਹਿਤ ਕਵਰ ਕੀਤੇ ਗਏ ਪਰਿਵਾਰ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਲਾਭਪਾਤਰੀ ‘‘ਆਯੂਸ਼ਮਾਨ ਐਪ’’ ਦੀ ਵਰਤੋਂ ਕਰਕੇ, ਵੈਬਸਾਈਟ "beneficiary.nha.gov.in" ’ਤੇ ਜਾ ਕੇ, ਜਾਂ ਆਪਣੇ ਨਜ਼ਦੀਕੀ ਆਸ਼ਾ ਵਰਕਰ ਜਾਂ ਸੂਚੀਬੱਧ ਹਸਪਤਾਲਾਂ ਤੱਕ ਪਹੁੰਚ ਕਰ ਕੇ ਆਸਾਨੀ ਨਾਲ ਆਪਣੇ ਕਾਰਡ ਪ੍ਰਾਪਤ ਕਰ ਸਕਦੇ ਹਨ।