ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਕਰਨ : ਮੁੱਖ ਖੇਤੀਬਾੜੀ ਅਫ਼ਸਰ
-ਡੀ.ਏ.ਪੀ. ਖਾਦ ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਵੀ ਕਰਨ ਕਿਸਾਨ
ਪਟਿਆਲਾ, 8 ਨਵੰਬਰ 2024 - ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਮੁਕੰਮਲ ਹੋਣ ਨੇੜੇ ਹੈ ਤੇ ਕਿਸਾਨਾਂ ਵੱਲੋਂ ਕਣਕ ਤੇ ਹੋਰਨਾਂ ਫ਼ਸਲਾਂ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ। ਕਣਕ ਦੀ ਬਿਜਾਈ ਲਈ ਫਾਸਫੋਰਸ ਤੱਤ ਦੀ ਜ਼ਰੂਰਤ ਹੁੰਦੀ ਹੈ। ਪਿਛਲੇ ਸਮੇਂ ਦੌਰਾਨ ਕਿਸਾਨਾਂ ਵੱਲੋਂ ਫ਼ਸਲਾਂ ਲਈ ਲੋੜੀਂਦਾ ਫਾਸਫੋਰਸ ਤੱਤਾਂ ਦੀ ਪੂਰਤੀ ਡੀ.ਏ.ਪੀ ਖਾਦ ਤੋਂ ਕੀਤੀ ਜਾਂਦੀ ਰਹੀ ਹੈ, ਪ੍ਰੰਤੂ ਫਾਸਫੋਰਸ ਤੱਤ ਦੀ ਪੂਰਤੀ ਬਾਜ਼ਾਰ ਵਿਚ ਮੌਜੂਦ ਹੋਰ ਖਾਦਾਂ ਤੋਂ ਵੀ ਕੀਤੀ ਜਾ ਸਕਦੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਡੀ.ਏ.ਪੀ. ਦੇ ਬਦਲ ਦੇ ਤੌਰ ’ਤੇ ਬਾਜ਼ਾਰ ਵਿਚ ਹੋਰ ਬਹੁਤ ਖਾਦਾਂ ਹਨ, ਜੋ ਹਾੜ੍ਹੀ ਦੀਆਂ ਫ਼ਸਲਾਂ ਲਈ ਡੀ.ਏ.ਪੀ. ਖਾਦ ਜਿੰਨੀਆਂ ਹੀ ਕਾਰਗਰ ਹਨ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਵਿਚੋਂ ਫ਼ਸਲ ਨੂੰ 18 ਫ਼ੀਸਦੀ ਨਾਈਟ੍ਰੋਜਨ ਅਤੇ ਅਤੇ 46 ਫ਼ੀਸਦੀ ਫਾਸਫੋਰਸ ਖੁਰਾਕੀ ਤੱਤ ਮਿਲ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵਜੋਂ ਬਾਜ਼ਾਰ ਵਿਚ ਹੋਰ ਖਾਦਾਂ ਜਿਵੇਂ ਟ੍ਰਿਪਲ ਸੁਪਰ ਫਾਸਫੇਟ, ਸਿੰਗਲ ਸੁਪਰ ਫਾਸਫੇਟ, ਐਨ.ਪੀ.ਕੇ. ਉਪਲਬਧ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਖਾਦ ਦੀ ਵਰਤੋਂ ਜ਼ਮੀਨ ਦੀ ਲੋੜ ਅਨੁਸਾਰ ਹੀ ਕਰਨ, ਇਸ ਲਈ ਕਿਸਾਨ ਆਪਣੇ ਖੇਤ ਦੀ ਮਿੱਟੀ ਦਾ ਟੈਸਟ ਵੀ ਜ਼ਰੂਰ ਕਰਵਾਉਣ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰਨਾਂ ਖਾਦਾਂ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਤੇ ਜ਼ਿਲ੍ਹੇ ਵਿੱਚ ਲਗਾਤਾਰ ਡੀਲਰਾਂ ਦੀਆਂ ਦੁਕਾਨਾਂ ਤੇ ਚੈਕਿੰਗ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਉਹ ਖਾਦ ਅਤੇ ਦਵਾਈ ਵਿਕਰੇਤਾ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਦੁਕਾਨਦਾਰ ਖਾਦ ਦੇ ਨਾਲ ਧੱਕੇ ਨਾਲ ਦਵਾਈ ਦਿੰਦਾ ਹੈ ਜਾਂ ਬਿੱਲ ਨਹੀਂ ਦਿੰਦਾ ਤਾਂ ਉਸ ਖਿਲਾਫ਼ ਕਾਰਵਾਈ ਕਰਵਾਉਣ ਲਈ ਸਬੰਧਤ ਖੇਤੀਬਾੜੀ ਦਫ਼ਤਰ ਨਾਲ ਰਾਬਤਾ ਕੀਤਾ ਜਾ ਸਕਦਾ ਹੈ।