ਕੰਪਿਊਟਰ ਅਧਿਆਪਕ 9 ਨਵੰਬਰ ਨੂੰ ਕਰਨਗੇ ਕੈਂਡਲ ਮਾਰਚ ਰੈਲੀ
ਰੋਹਿਤ ਗੁਪਤਾ
ਗੁਰਦਾਸਪੁਰ 8 ਨਵੰਬਰ 2024 - ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਪਣੀਆਂ ਸੇਵਾਵਾਂ ਨਿਭਾ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਮਨਵਾਉਣ ਦੇ ਲਈ ਸੰਗਰੂਰ ਦੇ ਡੀਸੀ ਦਫਤਰ ਦੇ ਅੱਗੇ ਪਿਛਲੇ 69 ਦਿਨਾਂ ਤੋਂ ਲਗਾਤਾਰ ਭੁੱਖ ਹੜਤਾਲ ਦੇ ਨਾਲ ਨਾਲ ਵੱਖ-ਵੱਖ ਸੰਘਰਸ਼ੀ ਐਕਸ਼ਨ ਉਲੀਕੇ ਜਾ ਰਹੇ ਹਨ। ਪਰ ਹਾਲੇ ਤੱਕ ਸਰਕਾਰ ਵੱਲੋਂ ਉਨਾਂ ਦੀ ਸਾਰ ਨਹੀਂ ਲਈ ਗਈ। ਇਸੇ ਲੜੀ ਦੇ ਅਧੀਨ ਜਿਮਨੀ ਚੋਣਾਂ ਦੇ ਮੱਦੇਨਜਰ 9 ਨਵੰਬਰ ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਡੇਰਾ ਬਾਬਾ ਨਾਨਕ ਵਿਖੇ ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਕਮੇਟੀ ਪੰਜਾਬ’ ਦੇ ਬੈਨਰ ਹੇਠ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਰੋਸ਼ ਪ੍ਰਦਰਸ਼ਨ ਕਰਨਗੇ ਅਤੇ ਆਪਣੀਆਂ ਜਾਇਜ਼ ਮੰਗਾਂ ਦੇ ਲਈ ਆਵਾਜ਼ ਬੁਲੰਦ ਕਰਨਗੇ।
ਜਿਮਨੀ ਚੋਣਾਂ ਤੋਂ ਪਹਿਲਾਂ ਸਰਕਾਰ ਖਿਲਾਫ ਹੋਏ ਇਸ ਜਬਰਦਸਤ ਰੋਸ਼ ਪ੍ਰਦਰਸ਼ਨ ਦੇ ਕਾਰਨ ਸਰਕਾਰ ਭਾਰੀ ਨੁਕਸਾਨ ਹੋ ਸਕਦਾ ਹੈ ਅਤੇ ਜਿਮਨੀ ਚੋਣਾਂ ਵਿਚ ਸਰਕਾਰ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ।
ਸੂਬੇ ਭਰ ਤੋਂ ਕੰਪਿਊਟਰ ਅਧਿਆਪਕਾਂ ਵਲੋਂ ਸਭ ਤੋਂ ਪਹਿਲਾਂ ਡੇਰਾ ਬਾਬਾ ਨਾਨਕ ਦੇ ਵੱਖ-ਵੱਖ ਚੌਂਕਾਂ ਅਤੇ ਬਾਜ਼ਾਰਾਂ ਵਿੱਚ ਰੋਸ ਮਾਰਚ ਕਰਦੇ ਹੋਏ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਜਾਵੇਗੀ । ਇਸ ਦੌਰਾਨ ਕੰਪਿਊਟਰ ਅਧਿਆਪਕਾਂ ਵੱਲੋਂ ਇੱਕ ਵਿਸ਼ਾਲ ਮਸ਼ਾਲ ਮਾਰਚ ਵੀ ਕੱਢਿਆ ਜਾਵੇਗਾ। ਇਸ ਮਗਰੋਂ ਵੱਡੀ ਗਿਣਤੀ ਵਿੱਚ ਕੰਪਿਊਟਰ ਅਧਿਆਪਕਾਂ ਵੱਲੋਂ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਘਰ ਅੱਗੇ ਪਹੁੰਚ ਕੇ ਜਮ ਕੇ ਨਾਰੇਬਾਜੀ ਕਰਦੇ ਹੋਏ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ। ਇਸ ਮੌਕੇ ਵੱਖ-ਵੱਖ ਕੰਪਿਊਟਰ ਅਧਿਆਪਕ ਆਗੂਆਂ ਮਨਦੀਪ ਸਿੰਘ ਤੂਰ, ਗਗਨਦੀਪ ਸਿੰਘ, ਸਤੀਸ਼ ਕੁਮਾਰ ਮਾਹੀ , ਮਨਦੀਪ ਮੰਗੋਤਰਾ, ਕਰਮ ਜੀਤ ਪੁਰੀ, ਅਮਿਤ ਗੁੱਪਤਾ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੂਬਾ ਸਰਕਾਰ ਦੇ ਵੱਖ-ਵੱਖ ਮੰਤਰੀਆਂ ਅਤੇ ਹੋਰਨਾਂ ਆਗੂਆਂ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਉਹਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ।
ਉਹਨਾਂ ਦਸਿਆ ਕਿ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿਰਫ ਲਾਰੇ ਲੱਪੇ ਵਾਲੀ ਨੀਤੀ ਹੀ ਅਪਣਾ ਰਹੀ। ਕੰਪਿਊਟਰ ਅਧਿਆਪਕਾਂ ਨੇ ਦੋਸ਼ ਲਗਾਇਆ ਕਿ ਰੈਗੂਲਰ ਹੁੰਦੇ ਹੋਏ ਵੀ ਉਹ ਠੇਕਾ ਕਰਮਚਾਰੀਆਂ ਵਾਂਗੂੰ ਸੰਤਾਪ ਹੰਢਾ ਰਹੇ ਹਨ। ਉਹਨਾਂ ਰੈਗੂਲਰ ਕਰਮਚਾਰੀਆਂ ਵਾਂਗੂੰ ਕੋਈ ਵੀ ਲਾਭ ਨਹੀਂ ਦਿੱਤਾ ਜਾ ਰਿਹਾ ਹੈ। ਉਹਨਾਂ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ ਜੋ ਕਿ ਮੌਜੂਦਾ ਪੰਜਾਬ ਸਰਕਾਰ ਦੇ ਚੋਣ ਮੈਨੀਫੈਸਟੋ ਵਿਚ ਵੀ ਦਰਜ ਕੀਤਾ ਗਿਆ ਸੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵਲੋਂ ਵੀ ਇਸ ਸੰਬੰਧੀ 2022 ਦੀ ਦਿਵਾਲੀ ਨੂੰ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੇ ਕੰਪਿਊਟਰ ਅਧਿਆਪਕਾਂ ਨੂੰ ਉਹਨਾ ਦੇ ਬਣਦੇ ਲਾਭ ਦੀਵਾਲੀ ਦੇ ਗਿਫਟ ਦੇ ਰੂਪ ਵਿਚ ਦਿੱਤੇ ਜਾਣਗੇ ਪਰ ਤਿੰਨ ਦਿਵਾਲੀਆਂ ਨਿਕਲ ਜਾਣ ਦੇ ਬਾਅਦ ਵੀ ਇਹ ਐਲਾਨ ਐਲਾਨ ਹੀ ਬਣ ਕੇ ਰਹਿ ਗਿਆ।
ਕੰਪਿਊਟਰ ਅਧਿਆਪਕਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਸਮਾਂ ਰਹਿੰਦੇ ਹੋਏ ਉਹਨਾਂ ਦੀਆਂ ਸਾਰੀਆਂ ਮੰਗਾਂ ਬਿਨਾ ਸ਼ਰਤ ਪੂਰਾ ਨਾ ਕੀਤੀਆਂ ਗਈਆਂ ਤਾਂ ਉਹ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰ ਦੇਣਗੇ ਅਤੇ ਸੂਬੇ ਭਰ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਵੱਡੇ ਪੱਧਰ ਤੇ ਰੋਸ਼ ਪ੍ਰਦਰਸ਼ਨ ਅਤੇ ਰੈਲੀਆਂ ਕੀਤੀਆਂ ਜਾਣਗੀਆਂ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ।