ਡੀ.ਏ.ਪੀ. ਖਾਦ ਦੀ ਜਮਾਂਖੋਰੀ ਵਿਰੁੱਧ ਹੋਵੇਗੀ ਸਖਤ ਕਾਰਵਾਈ
- ਖਾਦ ਨਾਲ ਕਿਸੇ ਕਿਸਮ ਦੀ ਟੈਗਿੰਗ ਵਿਰੁੱਧ ਹੋਵੇਗੀ ਖਾਦ ਕੰਟਰੋਲ ਆਰਡਰ 1985 ਤਹਿਤ ਸਖ਼ਤ ਕਾਰਵਾਈ
ਰੋਹਿਤ ਗੁਪਤਾ
ਗੁਰਦਾਸਪੁਰ,10 ਨਵੰਬਰ 2024 - ਡਿਪਟੀ ਕਮਿਸ਼ਨਰ, ਸ੍ਰੀ ਉਮਾ ਸ਼ੰਕਰ ਗੁਪਤਾ ਦੀ ਅਗਵਾਈ ਹੇਠ ਜਿਲ੍ਹੇ ਭਰ ਵਿਚ ਲੋੜੀਂਦੀ ਮਾਤਰਾ ਵਿਚ ਡੀ.ਏ.ਪੀ. ਤੇ ਹੋਰ ਖਾਦਾਂ ਦੀ ਉਪਲਬਧਤਾ ਹੈ ਅਤੇ ਕਿਸੇ ਵੀ ਡੀਲਰ ਵਲੋਂ ਖਾਦ ਦੀ ਜਮਾਂਖੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ, ਸੁਰਿੰਦਰਪਾਲ ਸਿੰਘ ਨੇ ਕਿਹਾ ਕਿ ਸਹਿਕਾਰੀ ਸੁਸਾਇਟੀਆਂ ਤੇ ਡੀਲਰਾਂ ਰਾਹੀਂ ਕਿਸਾਨਾਂ ਨੂੰ ਖਾਦ ਮੁਹੱਈਆ ਕਰਵਾਈ ਜਾ ਰਹੀ ਹੈ ਤੇ ਜੇਕਰ ਕਿਸੇ ਡੀਲਰ ਵਲੋਂ ਜਮਾਂਖੋਰੀ ਕੀਤੀ ਪਾਈ ਗਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀਆਂ ਟੀਮਾਂ ਵਲੋਂ ਖਾਦ ਵਿਕਰੇਤਾਵਾਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜੇਕਰ ਕੋਈ ਖਾਦ ਵਿਕਰੇਤਾ ਸਰਕਾਰ ਵਲੋਂ ਨਿਰਧਾਰਿਤ ਰੇਟ ਤੋਂ ਵੱਧ ਵਸੂਲਦਾ ਹੈ ਜਾਂ ਕੋਈ ਟੈਗਿੰਗ ਕਰਦਾ ਹੈ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਸਖਤ ਕਾਰਵਾਈ ਕੀਤੀ ਜਾਵੇਗੀ।
ਟੀਮਾਂ ਵਲੋਂ ਜਿੱਥੇ ਕਿਸਾਨਾਂ ਨਾਲ ਲਗਾਤਾਰ ਰਾਬਤਾ ਰੱਖਿਆ ਜਾ ਰਿਹਾ ਹੈ ਉਥੇ ਹੀ ਡੀਲਰਾਂ ਦੇ ਸਟਾਕ ਰਜਿਸਟਰਾਂ ਵਿਚ ਦਰਜ ਖਾਦ ਦਾ ਸਟੋਰ ਵਿਚ ਪਈ ਖਾਦ ਨਾਲ ਮਿਲਾਣ ਕੀਤਾ ਜਾ ਰਿਹਾ ਹੈ।