ਅਮਨ-ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ-ਵਿਧਾਇਕ ਸ਼ੈਰੀ ਕਲਸੀ
ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ
ਰੋਹਿਤ ਗੁਪਤਾ
ਬਟਾਲਾ, 27 ਜੁਲਾਈ. ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਹਲਕਾ ਵਿਧਾਇਕ ਬਟਾਲਾ ਨੇ ਕਿਹਾ ਕਿ ਨਸ਼ਿਆ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਬਿਲਕੁੱਲ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਪੁਲਿਸ ਵਿਭਾਗ ਨੂੰ ਸਖਤ ਦਿਸ਼ਾ- ਨਿਰਦੇਸ਼ ਦਿੱਤੇ ਜਾ ਚੁੱਕੇ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਕੁਝ ਦਿਨਾਂ ਤੋਂ ਸਮਾਜ ਵਿਰੋਧੀ ਅਨਸਰਾਂ ਵਲੋਂ ਕੀਤੀਆਂ ਗਈਆਂ ਘਟਨਾਵਾਂ ਸਬੰਧੀ ਉਨ੍ਹਾਂ ਨੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਇਨ੍ਹਾਂ ਵਿਰੁੱਧ ਹੋਰ ਸਖਤ ਰੁਖ ਅਪਣਾਉਂਣ ਲਈ ਕਿਹਾ ਗਿਆ ਹੈ। ਉਨ੍ਹਾਂ ਸਖਤ ਲਹਿਜੇ ਵਿੱਚ ਕਿਹਾ ਕਿ ਕਿਸੇ ਨੂੰ ਵੀ ਅਮਨ ਸ਼ਾਂਤੀ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਸ. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਿਲਾਫ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ ਅਤੇ ਸੂਬੇ ਵਿੱਚੋਂ ਇਸ ਲਾਹਨਤ ਨੂੰ ਖਤਮ ਕਰਨ ਲਈ ਠੋਸ ਯਤਨ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਨੇ ਪੁਲਿਸ ਨੂੰ ਸਮੱਗਲਰਾਂ ਦੀ ਨਸ਼ਾ ਤਸਕਰੀ ਦੇ ਪੈਸੇ ਨਾਲ ਬਣਾਈ ਜਾਇਦਾਦ ਨੂੰ ਜ਼ਬਤ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਲਈ ਕਿਹਾ ਗਿਆ ਹੈ ਅਤੇ ਇਸ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਨਸ਼ਾ ਇੱਕ ਵੱਡੀ ਸਮਾਜਿਕ ਬੁਰਾਈ ਹੈ ਅਤੇ ਇਸ ਨੂੰ ਸਮਾਜ ਵਿੱਚੋਂ ਖਤਮ ਕਰਨ ਲਈ ਸਮੂਹਿਕ ਯਤਨਾਂ ਦੀ ਲੋੜ ਹੈ। ਉਨਾਂ ਦੁਹਰਾਇਆ ਕਿ ਨਸ਼ਾ ਤਸਕਰਾਂ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ।
ਦੱਸ ਦਈਏ ਕਿ ਬੀਤੇ ਦਿਨੀਂ ਹਰਿਗੋਬਿੰਦਪੁਰ ਸਾਹਿਬ ਦੇ ਇੱਕ ਸੁਨਿਆਰੇ ਤੋ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ ਅਤੇ ਉਸਦੀ ਦੁਕਾਨ ਤੇ ਗੋਲੀਆਂ ਚਲਾਈਆਂ ਸਨ। ਇਸ ਸਬੰਧੀ ਬਟਾਲਾ ਪੁਲਿਸ ਨੇ ਸਖ਼ਤ ਕਾਰਵਾਈ ਕਰਦਿਆਂ ਅੱਜ ਸ਼ਨਿਚਰਵਾਰ ਦੀ ਸਵੇਰ ਨੂੰ ਬਟਾਲਾ ਪੁਲਿਸ ਨੇ ਇੱਕ ਗੈਂਗਸਟਰ ਦਾ ਪਿੱਛਾ ਕਰਦਿਆਂ ਉਸ ਨੂੰ ਇੱਕ ਮੁਕਾਬਲੇ ਵਿਚ ਕਾਬੂ ਕਰ ਲਿਆ ਹੈ। ਤਿੰਨ ਘੰਟੇ ਦੀ ਜੱਦੋ ਜਹਿਦ ਬਾਅਦ ਬਟਾਲਾ ਦੇ ਨੇੜਲੇ ਪਿੰਡ ਦੇ ਖੇਤਾਂ ਵਿਚ ਹੋਏ ਮੁਕਾਬਲੇ ਵਿਚ ਪੁਲਿਸ ਅਤੇ ਗੈਂਗਸਟਰ ਵਿਚਾਲੇ ਗੋਲੀਆਂ ਚੱਲੀਆਂ । ਇਸ ਮੁਕਾਬਲੇ ਦੌਰਾਨ ਇੱਕ ਗੈਂਗਸਟਰ ਜ਼ਖਮੀ ਹੋ ਗਿਆ ਤੇ ਪੁਲਿਸ ਨੇ ਉਸਨੂੰ ਆਪਣੀ ਹਿਰਾਸਤ ਵਿਚ ਲੈਂਦੇ ਹੋਏ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਾਇਆ ਗਿਆ ਹੈ।