ਹਰਿਆਣਾ ਬਾਰਡਰ 'ਤੇ ਕਿਸਾਨ ਨੌਜਵਾਨ ਦੀ ਮੌਤ ਦੇ ਵਿਰੋਧ 'ਚ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਕੀਤਾ ਜਾਮ
ਰਿਪੋਰਟਰ --- ਰੋਹਿਤ ਗੁਪਤਾ
ਗੁਰਦਾਸਪੁਰ, 22 ਫਰਵਰੀ 2024 - ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਪੰਜਾਬ ਯੂਥ ਪ੍ਰਧਾਨ ਇੰਦਰਪਾਲ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਗੁਰਦਾਸਪੁਰ ਜੰਮੂ ਅੰਮ੍ਰਿਤਸਰ ਵਿਖੇ ਆਪਣੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੰਭੂ ਬਾਰਡਰ 'ਤੇ ਅੰਦੋਲਨ ਕਰ ਰਹੇ ਕਿਸਾਨਾਂ 'ਤੇ ਹੋ ਰਹੇ ਅੱਤਿਆਚਾਰਾਂ ਅਤੇ ਇਸ ਦੌਰਾਨ ਕਿਸਾਨਾਂ ਦੀ ਹੋਈ ਮੌਤ ਦੇ ਵਿਰੋਧ 'ਚ ਗੁਰਦਾਸਪੁਰ ਦੇ ਬੱਬਰੀ ਬਾਈਪਾਸ ਤੇ ਅੰਮ੍ਰਿਤਸਰ _ਜੰਮੂ ਨੈਸ਼ਨਲ ਹਾਈਵੇਅ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਇੰਦਰਪਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਸ਼ਹਿ 'ਤੇ ਹਰਿਆਣਾ ਪੁਲਿਸ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡ ਰਹੀ ਹੈ ਅਤੇ ਸਿੱਧੀਆਂ ਗੋਲੀਆਂ ਚਲਾ ਰਹੀ ਹੈ।ਉਨ੍ਹਾਂ ਦੱਸਿਆ ਕਿ ਬੀਤੇ ਦਿਨ ਇਕ ਨੌਜਵਾਨ ਕਿਸਾਨ ਸ਼ੁਬਕਰਨ ਸਿੰਘ ਦੀ ਗੋਲੀ ਲੱਗਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ ਸੀ ਅਤੇ ਹੁਣ ਤੱਕ ਇਸ ਅੰਦੋਲਨ ਵਿੱਚ 4 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਕੇਂਦਰ ਸਰਕਾਰ ਨਾਲ ਕਿਸਾਨਾਂ ਦੀਆਂ 4 ਮੀਟਿੰਗਾਂ ਦੇ ਬਾਵਜੂਦ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ, ਜਿਸ ਕਾਰਨ ਅੱਜ ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਆਪਣਾ ਗੁੱਸਾ ਜ਼ਾਹਰ ਕਰਦਿਆਂ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ।
ਇਸ ਦੌਰਾਨ ਦੋ ਘੰਟੇ ਗੱਡੀਆਂ ਦਾ ਆਣਾ ਜਾਣਾ ਰੋਕ ਦਿੱਤਾ ਗਿਆ ਅਤੇ ਚਾਰੇ ਪਾਸਿਓਂ ਆਵਾਜਾਈ ਠੱਪ ਕੀਤੀ ਗਈ।ਉਨ੍ਹਾਂ ਮੰਗ ਕੀਤੀ ਹੈ ਕਿ ਇਸ ਅੰਦੋਲਨ ਵਿੱਚ ਮਰਨ ਵਾਲੇ ਕਿਸਾਨਾਂ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀ ਜਿਸ ਦੀ ਗੋਲੀ ਨਾਲ ਨੌਜਵਾਨ ਦੀ ਮੌਤ ਹੋਈ ਸੀ, ਨੂੰ ਸਜ਼ਾ ਦਿੱਤੀ ਜਾਵੇ ਅਤੇ ਉਸਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਜਾਵੇ। ਇਸ ਦੇ ਨਾਲ ਹੀ ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਉਨ੍ਹਾਂ ਸਾਰੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪ੍ਰਵਾਨ ਕਰੇ, ਜਿਨਾਂ ਨੂੰ ਲੈ ਕੇ ਕਿਸਾਨ ਸ਼ੰਭੂ ਬਾਰਡਰ 'ਤੇ ਧਰਨਾ ਦੇ ਰਹੇ ਹਨ, ਜੇਕਰ ਅਜਿਹਾ ਨਾ ਹੋਇਆ ਤਾਂ ਕਿਸਾਨ ਆਗੂਆਂ ਦੇ ਕਹਿਣ 'ਤੇ ਉਹ ਦਿੱਲੀ ਜਾਣ ਲਈ ਮਜਬੂਰ ਹੋਣਗੇ | .