ਲੋਕ ਸਭਾ ਚੋਣਾਂ ਲਈ ਫਰੀਦਕੋਟ ਵਿੱਚ ਕਾਂਗਰਸ ਪਾਰਟੀ ਵੱਲੋ ਮਾਸਟਰ ਬਲਦੇਵ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਚੋਣ ਲੜਨ ਦੇ ਚਰਚੇ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ, 28 ਫਰਵਰੀ, 2024: ਅਗਾਮੀ ਲੋਕ ਸਭਾ ਚੋਣਾਂ ਲਈ ਵੱਖ ਵੱਖ ਪਾਰਟੀਆਂ ਦੇ ਸੰਭਾਵੀ ਉਮੀਦਵਾਰਾਂ ਨੇ ਆਪੋ ਆਪਣੀਆਂ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਹਲਕੇ ਵਿੱਚ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਮਾਸਟਰ ਬਲਦੇਵ ਸਿੰਘ, ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੇ ਨਾਵਾਂ ਦੇ ਚਰਚੇ ਚੱਲ ਰਹੇ ਹਨ। ਸੂਤਰਾਂ ਮੁਤਾਬਕ ਫਰੀਦਕੋਟ ਤੋਂ ਟਿਕਟ ਸੁਖਵਿੰਦਰ ਸਿੰਘ ਡੈਨੀ ਨੂੰ ਪਾਰਟੀ ਹਾਈਕਮਾਂਡ ਵੱਲੋਂ ਥਾਪੜਾ ਮਿਲ ਗਿਆ ਹੈ। ਸੁਖਵਿੰਦਰ ਸਿੰਘ ਡੈਨੀ ਫਰੀਦਕੋਟ ਤੋਂ 2009 ਵਿੱਚ ਵੀ ਫਰੀਦਕੋਟ ਤੋਂ ਲੋਕ ਸਭਾ ਚੋਣਾਂ ਲੜ ਚੁੱਕੇ ਹਨ ਤੇ ਇਹ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਬੀਬੀ ਪਰਮਜੀਤ ਕੌਰ ਗੁਲਸ਼ਨ ਤੋਂ ਚੋਣ ਹਾਰ ਗਏ ਸਨ।
MP ਮਹੁੰਮਦ ਸਦੀਕ ਵੱਲੋਂ ਲੋਕਾਂ ਵਿੱਚ ਘੱਟ ਵਿਚਰਨਾ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ ਤੇ ਇਸ ਸੀਟ ਤੇ ਕਾਫੀ ਦਿਲਚਸਪ ਮੁਕਾਬਲਾ ਹੋਵੇਗਾ ਤੇ ਇਸ ਲੋਕ ਸਭਾ ਵਿੱਚ ਆਉਂਦੇ 9 ਵਿਧਾਨ ਸਭਾ ਹਲਕਿਆਂ ਤੇ 2022 ਵਿੱਚ ਆਮ ਆਦਮੀ ਪਾਰਟੀ ਦੇ 8 ਉਮੀਦਵਾਰ ਜਿੱਤੇ ਸਨ ਤੇ 1 ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੇ ਜਿੱਤ ਪ੍ਰਾਪਤ ਕੀਤੀ ਸੀ। ਦੋ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ 9 ਹਲਕਿਆਂ ਦੇ ਲੋਕ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ ਜਾਂ ਨਹੀਂ ਇਹ ਲੋਕ ਸਭਾ ਚੋਣਾਂ ਦਾ ਨਤੀਜਾ ਹੀ ਦੱਸੇਗਾ। ਇਸ ਸੀਟ ਦਾ ਵਿਧਾਨ ਸਭਾ ਹਲਕਾ ਗਿੱਦੜਬਾਹਾ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਹੈ। ਇਸ ਹਲਕੇ ਵਿੱਚੋਂ 2022 ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਿੱਤ ਪ੍ਰਾਪਤ ਕੀਤੀ ਸੀ ਤੇ 2019 ਲੋਕ ਸਭਾ ਚੋਣਾਂ ਵਿੱਚ ਗਿੱਦੜਬਾਹਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਲੀਡ ਵਧੀ ਸੀ। ਹੁਣ ਦੇਖਣਾ ਹੋਵੇਗਾ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਕਿਸ ਪਾਰਟੀ ਦੇ ਉਮੀਦਵਾਰ ਦੀ ਬੱਲੇ ਬੱਲੇ ਕਰਵਾਉਂਦੇ ਤੇ ਕਿਸ ਉਮੀਦਵਾਰ ਨੂੰ ਚੱਲਦਾ ਕਰਦੇ।