ਜਲੰਧਰ ਵੈਸਟ ਜ਼ਿਮਨੀ ਚੋਣ 'ਚ ਵੋਟਰਾਂ ਨੇ ਪੰਜਾਬ ਸਰਕਾਰ ਦੇ ਕੰਮਾਂ 'ਤੇ ਲਾਈ ਮੋਹਰ - ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 13 ਜੁਲਾਈ 2024 - ਜਲੰਧਰ ਵੈਸਟ ਜ਼ਿਮਨੀ ਚੋਣ 'ਚ ਵੋਟਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੰਮਾਂ 'ਤੇ ਮੋਹਰ ਲਾਈ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਆਪਣੇ ਸੈਸ਼ਨ ਚੌਕ ਦਫ਼ਤਰ ਵਿਖੇ ਜਲੰਧਰ ਵੈਸਟ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ
ਮਹਿੰਦਰ ਭਗਤ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਵਰਕਰਾਂ ਨਾਲ ਖੁਸ਼ੀ ਮਨਾਉਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮਹਿੰਦਰ ਭਗਤ ਨੂੰ ਇਸ ਕਰਕੇ ਜਿਤਾਇਆ ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਲੰਧਰ ਪੱਛਮੀ ਹਲਕੇ ਦਾ ਬਹੁਪੱਖੀ ਵਿਕਾਸ ਕਰਵਾਇਆ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਵਿਰੋਧੀ ਪਾਰਟੀਆਂ ਨੂੰ ਵੀ ਉਨ੍ਹਾਂ ਦਾ ਅਸਲੀ ਚਿਹਰਾ ਦਿਖਾ ਕੇ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਜ਼ਮੀਨੀ ਪੱਧਰ 'ਤੇ ਉਨ੍ਹਾਂ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਹਰੇਕ ਵਰਕਰ ਬਹੁਤ ਮਿਹਨਤ ਕੀਤੀ, ਉਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਪਰਿਵਾਰ ਨੇ ਵੀ ਹਲਕੇ ਦੇ ਹਰੇਕ ਬੰਦੇ ਤੱਕ ਪਹੁੰਚ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਮੁੱਖ ਮੰਤਰੀ ਅਤੇ ਸਾਰੇ ਪਾਰਟੀ ਵਰਕਰਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਜਲੰਧਰ ਵੈਸਟ ਹਲਕੇ ਦੇ ਵੋਟਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਗਿਆਨ ਬਾਂਸਲ, ਵਰਿੰਦਰ ਸ਼ਰਮਾ ਬਿੰਦੂ, ਚੌਧਰੀ ਬਲਵੀਰ, ਪ੍ਰਦੀਪ ਬਿੱਟੂ, ਅਜੇ ਜੈਨ, ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਚੰਦਨ ਲੱਕੀ ਤੇ ਹੋਰ ਹਾਜ਼ਰ ਸਨ।