ਲੋਕਾਂ ਨੇ ਲਗਾਈ ਆਮ ਆਦਮੀ ਪਾਰਟੀ ਦੇ ਕੰਮਾਂ ਤੇ ਮੋਹਰ- ਹਰਚੰਦ ਸਿੰਘ ਬਰਸਟ
- ਆਪ ਦੇ ਉਮੀਦਵਾਰ ਨੇ ਰਿਕਾਰਡ ਮਤਾ ਨਾਲ ਕੀਤੀ ਜਿੱਤ ਹਾਸਲ, ਆਗੂਆਂ ਨੇ ਲੱਡੂ ਵੰਡ ਕੀਤੀ ਖ਼ੁਸ਼ੀ ਜ਼ਾਹਿਰ
ਜੀ ਐਸ ਪੰਨੂ
ਪਟਿਆਲਾ, 13 ਜੁਲਾਈ 2024 :ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੀਤੀ 10 ਜੁਲਾਈ ਨੂੰ ਜਲੰਧਰ ਪੱਛਮੀ ਦੀ ਹੋਈਆਂ ਜਿਮਨੀ ਚੋਣਾਂ ਵਿੱਚ ਆਪ ਦੇ ਉਮੀਦਵਾਰ ਮੋਹਿੰਦਰ ਭਗਤ ਨੂੰ ਰਿਕਾਰਡ ਮਤਾ ਨਾਲ ਜਿੱਤਣ ਤੇ ਵਧਾਈ ਦਿੱਤੀ ਹੈ ਅਤੇ ਆਪ ਆਗੂਆਂ ਨੇ ਲੱਡੂ ਵੰਡ ਕੇ ਆਪਣੀ ਖੁਸ਼ੀ ਜ਼ਾਹਰ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਨੇ ਮੋਹਿੰਦਰ ਭਗਤ ਨੂੰ ਜਿਤਾ ਕੇ ਆਮ ਆਦਮੀ ਪਾਰਟੀ ਦੇ ਵਿਕਾਸ ਦੇ ਕੰਮਾਂ ਦੀ ਚੱਲ ਰਹੀ ਹਨੇਰੀ ਨੂੰ ਮੋਹਰ ਲਗਾ ਦਿੱਤੀ ਹੈ।
ਉਨ੍ਹਾਂ ਦੱਸਿਆ ਕਿ ਜਲੰਧਰ ਪੱਛਮੀ ਚੋਣਾਂ ਵਿੱਚ ਆਪ ਦੇ ਉਮੀਦਵਾਰ ਨੇ 55246 ਵੋਟਾਂ ਹਾਸਲ ਕੀਤੀਆਂ ਹਨ, ਜਿਸ ਦੇ ਨਾਲ ਉਹ 37325 ਵੋਟਾਂ ਦੇ ਫਰਕ ਨਾਲ ਜਿੱਤ ਗਏ ਹਨ। ਇਸ ਜਿੱਤ ਨੂੰ ਦਿਵਾਉਣ ਵਿੱਚ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੀ ਲੀਡਰਸ਼ਿਪ ਦਾ ਅਹਿਮ ਰੋਲ ਰਿਹਾ ਹੈ, ਉੱਥੇ ਹੀ ਆਮ ਜਨਤਾ ਨੇ ਵੀ ਆਪ ਦਾ ਪੂਰਾ ਸਾਥ ਦਿੱਤਾ ਹੈ। ਜਿਸ ਦੇ ਲਈ ਸਾਰੇ ਵਧਾਈ ਦੇ ਪਾਤਰ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪਿਛਲੇ 2 ਸਾਲਾਂ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤਾ ਹੈ। ਅੱਜ ਪੰਜਾਬ ਦੇ ਲੋਕਾਂ ਨੂੰ 600 ਯੁਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਨੇ 43000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਇਸਦੇ ਨਾਲ ਹੀ ਮੁਹੱਲਾ ਕਲੀਨਿਕ, ਸਕੂਲ ਆਫ ਐਮੀਨੈਂਸ, ਘਰ-ਘਰ ਰਾਸ਼ਨ, ਫਰਿਸ਼ਤੇ ਸਕੀਮ, ਸੜਕ ਸੁਰੱਖਿਆਂ ਫੋਰਸ ਅਤੇ ਬੱਚਿਆਂ ਦੇ ਚੰਗੇ ਭਵਿੱਖ ਲਈ ਖੇਡ ਨਰਸਰੀਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ।
ਬਰਸਟ ਨੇ ਕਿਹਾ ਕਿ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਦਿਖਾਇਆ ਭਰੋਸਾ ਇਹ ਸਿੱਧ ਕਰਦਾ ਹੈ ਕਿ ਆਪ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ ਅਤੇ ਹੁਣ ਲੋਕਾਂ ਦੀ ਭਲਾਈ ਅਤੇ ਪੰਜਾਬ ਦੇ ਵਿਕਾਸ ਲਈ ਹੋਰ ਤੇਜ਼ੀ ਨਾਲ ਕਾਰਜ ਕੀਤੇ ਜਾਣਗੇ। ਬਰਸਟ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੁੰਦੀ ਜਾ ਰਹੀ ਹੈ ਅਤੇ ਜਿਸ ਵੱਲੋਂ ਪੰਜਾਬ ਵਿੱਚ ਅਗਾਮੀ ਚਾਰ ਜ਼ਿਮਨੀ ਚੋਣਾਂ ਵਿੱਚ ਵੀ ਰਿਕਾਰਡ ਮਤਾ ਨਾਲ ਜਿੱਤ ਹਾਸਲ ਕੀਤੀ ਜਾਵੇਗੀ।