ਪੰਚਾਇਤੀ ਚੋਣਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮਾਲੇਰਕੋਟਲਾ ਅਧੀਨ ਨਾਮਜ਼ਦਗੀਆਂ ਦੌਰਾਨ ਰਹੀ ਸ਼ਾਂਤੀ
- ਜ਼ਿਲ੍ਹੇ ਅੰਦਰ ਕੋਈ ਮਾਮਲਾ ਸਾਹਮਣੇ ਨਹੀਂ ਆਇਆ
- ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਹੱਥ 'ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ, ਵਿਘਨ ਪਾਉਣ ਵਾਲੇ ਤੇ ਹੋਵੇਗੀ ਸਖਤ ਕਾਰਵਾਈ--ਜ਼ਿਲ੍ਹਾ ਪੁਲਿਸ ਮੁਖੀ ਗਗਨ ਅਜੀਤ ਸਿੰਘ
- ਕਿਹਾ ਸਮੂਹ ਪਿੰਡਾਂ ਦੇ ਵਸਨੀਕ ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਤੇ ਸ਼ਾਂਤਮਈ ਮਾਹੌਲ 'ਚ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਨੂੰ ਦੇਣ ਪੂਰਨ ਸਹਿਯੋਗ
- ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਹੋਏ ਆਪਣੇ ਲਾਇਸੈਂਸੀ ਹਥਿਆਰ ਤੁਰੰਤ ਸਬੰਧਤ ਥਾਣਿਆਂ 'ਚ ਜਮ੍ਹਾ ਕਰਵਾਉਣ ਦੀ ਕੀਤੀ ਹਦਾਇਤ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ, 7 ਅਕਤੂਬਰ 2024 - ਪੰਜਾਬ ਅੰਦਰ ਹੋ ਰਹੀਆਂ ਪੰਚਾਇਤੀ ਚੋਣਾਂ ਨੂੰ ਲੈ ਕੇ ਹੋਈਆਂ ਨਾਮਜਾਦਗੀਆਂ ਦੇ ਅਮਲ ਦੌਰਾਨ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਿਸੇ ਤਰ੍ਹਾਂ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਤੇ ਪੂਰੇ ਜ਼ਿਲ੍ਹੇ ਅੰਦਰ ਮਾਮਲਾ ਸ਼ਾਂਤੀ ਪੂਰਵਕ ਰਿਹਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਹਾਕੀ ਟੀਮ ਦੇ ਸਾਬਕਾ ਕੈਪਟਨ ਓਲੰਪੀਅਨ ਮਾਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਗਗਨ ਅਜੀਤ ਸਿੰਘ ਨੇ ਅੱਜ ਇਥੇ ਵਿਸ਼ੇਸ਼ ਤੌਰ 'ਤੇ ਗੱਲਬਾਤ ਦੌਰਾਨ ਦੱਸਿਆ ਕਿ ਇਨ੍ਹਾਂ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਸ ਵੱਲੋਂ ਲੋਕਾਂ 'ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਉਹਨਾਂ ਵੱਲੋਂ ਆਪਣੇ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਪ੍ਰਬੰਧਾਂ ਨੂੰ ਬਹੁਤ ਸਖਤ ਰੱਖਿਆ ਗਿਆ ਹੈ ।
ਜਿਲ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾਂ ਕਰਦਿਆਂ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣਾ ਸਾਡਾ ਪਹਿਲਾ ਫਰਜ਼ ਹੈ, ਜਿਸ ਸਬੰਧੀ ਜ਼ਿਲ੍ਹਾ ਪੁਲਸ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਹੱਥ 'ਚ ਲੈਣ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਪੰਚਾਇਤੀ ਚੋਣਾਂ ਦੌਰਾਨ ਆਮ ਲੋਕ ਬਿਨ੍ਹਾਂ ਕਿਸੇ ਡਰ, ਤਣਾਅ ਅਤੇ ਦਬਾਅ ਦੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਸਕਣ, ਇਸ ਲਈ ਮਾਲੇਰਕੋਟਲਾ ਪੁਲਸ ਵੱਲੋਂ ਜ਼ਿਲ੍ਹੇ ਭਰ ਅੰਦਰ ਲਗਾਤਾਰ ਫਲੈਗ ਮਾਰਚ ਕੱਢ ਕੇ ਗਲਤ ਅਨਸਰਾਂ ਨੂੰ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਉਹ ਆਪਣੀਆਂ ਹਰਕਤਾਂ ਤੋਂ ਬਾਜ ਆ ਜਾਣ ਨਹੀਂ ਤਾਂ ਪੁਲਸ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰੇਗੀ ।
ਉਨ੍ਹਾਂ ਕਿਹਾ ਕਿ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਵੀ ਤਰ੍ਹਾਂ ਦੀ ਸ਼ਰਾਰਤ ਨਾ ਕਰ ਸਕੇ, ਇਸ ਲਈ ਪੂਰੇ ਜ਼ਿਲ੍ਹੇ ਅੰਦਰ ਸਖਤ ਚੌਕਸੀ ਵਰਤਦੇ ਹੋਏ ਭਾਵੇਂ ਮਾਲੇਰਕੋਟਲਾ ਜ਼ਿਲ੍ਹੇ ਦੇ ਹਰੇਕ ਪੋਲਿੰਗ ਕੇਂਦਰ 'ਤੇ ਪੁਲਸ ਦੀ ਤਿੱਖੀ ਨਜ਼ਰ ਰਹੇਗੀ ਪਰ ਸੰਵੇਦਨਸ਼ੀਲ ਐਲਾਨੇ ਜਾਣ ਵਾਲੇ ਪੋਲਿੰਗ ਕੇਂਦਰਾਂ 'ਤੇ ਜ਼ਿਲ੍ਹਾ ਪੁਲਸ ਵੱਲੋਂ ਵੱਖਰੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਕਿਸੇ ਤਰ੍ਹਾਂ ਦੀ ਹੁੱਲੜਬਾਜ਼ੀ ਨਾ ਕਰ ਸਕੇ।
ਇਲਾਕੇ 'ਚ ਅਮਨ ਸ਼ਾਂਤੀ, ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਨਿਰਪੱਖ ਤੇ ਸ਼ਾਤੀ-ਪੂਰਵਕ ਢੰਗ ਨਾਲ ਨੇਪਰੇ ਚਾੜਣ ਲਈ ਪੁਲਸ ਕਰਮਚਾਰੀ ਪੂਰੀ ਮੁਸ਼ਤੈਦੀ ਨਾਲ ਯਤਨਸ਼ੀਲ ਹਨ ਅਤੇ ਕਿਸੇ ਵੀ ਸ਼ਰਾਰਤੀ ਜਾਂ ਸਮਾਜ ਵਿਰੋਧੀ ਅਨਸਰ ਨੂੰ ਚੋਣਾਂ 'ਚ ਵਿਘਨ ਨਹੀਂ ਪਾਉਣ ਦਿੱਤਾ ਜਾਵੇਗਾ। ਜ਼ਿਲਾ ਪੁਲਸ ਮੁਖੀ ਗਗਨ ਅਜੀਤ ਨੇ ਕਿਹਾ ਕਿ ਹਰ ਤਰ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੇ ਨਾਲ-ਨਾਲ ਸਮੁੱਚੇ ਜ਼ਿਲ੍ਹੇ ਅੰਦਰ ਪੁਲਸ ਦੀ ਗਸ਼ਤ ਵਧਾਉਂਦੇ ਹੋਏ ਪਿੰਡਾਂ ਨੂੰ ਜਾਣ ਵਾਲੇ ਵੱਖ-ਵੱਖ ਰਸਤਿਆਂ 'ਤੇ ਨਾਕੇ ਲਗਾ ਕੇ ਚੈਕਿੰਗ ਅਭਿਆਨ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਲਾ ਪੁਲਸ ਮੁਖੀ ਨੇ ਦੱਸਿਆ ਕਿ ਉਨ੍ਹਾਂ ਦੇ ਅਧਿਕਾਰੀ ਜਿਥੇ ਸਮੇਂ-ਸਮੇਂ ਜ਼ਿਲ੍ਹੇ ਦੇ ਸਾਰੇ 'ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈ ਰਹੇ ਹਨ ਉਥੇ ਜ਼ਿਲ੍ਹੇ ਭਰ ਦੇ ਸਾਰੇ ਉਚ ਅਧਿਕਾਰੀਆਂ ਸਮੇਤ ਥਾਣਿਆਂ ਦੇ ਜ਼ਿਆਦਾਤਰ ਮੁਲਾਜ਼ਮਾਂ ਅਤੇ ਥਾਣਾ ਮੁਖੀਆਂ ਨੂੰ ਵੱਧ ਤੋਂ ਵੱਧ ਸਮਾਂ ਫੀਲਡ 'ਚ ਰਹਿਣ ਦੀ ਹੈਦਾਇਤ ਵੀ ਕੀਤੀ ਗਈ ਹੈ।
ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਨੇ ਕਿਹਾ ਕਿ ਮਾਲੇਰਕੋਟਲਾ ਜ਼ਿਲ੍ਹੇ ਅਧੀਨ ਆਉਂਦੇ ਸਮੂਹ ਪਿੰਡਾਂ ਦੇ ਵਸਨੀਕ ਪੰਚਾਇਤੀ ਚੋਣਾਂ ਨੂੰ ਸੁਚੱਜੇ ਢੰਗ ਨਾਲ ਤੇ ਸ਼ਾਂਤਮਈ ਮਾਹੌਲ 'ਚ ਨੇਪਰੇ ਚਾੜ੍ਹਨ ਲਈ ਪੁਲਸ ਪ੍ਰਸ਼ਾਸਨ ਨੂੰ ਪੂਰਨ ਸਹਿਯੋਗ ਕਰਨ ਅਤੇ ਅਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਦੇ ਆਪਣੇ ਲਾਇਸੈਂਸੀ ਹਥਿਆਰ ਤੁਰੰਤ ਸਬੰਧਤ ਥਾਣਿਆਂ 'ਚ ਜਮ੍ਹਾ ਕਰਵਾਉਣ। ਜੇਕਰ ਕਿਸੇ ਨੇ ਵੀ ਚੋਣਾਂ ਦੌਰਾਨ ਕਾਨੂੰਨ ਨੂੰ ਆਪਣੇ ਹੱਥ 'ਚ ਲੈ ਕੇ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਖਿਲਾਫ ਕਾਨੂੰਨ ਅਨੁਸਾਰ ਬਣਦੀ ਸਖਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।