ਹਰਿਆਣਾ: ਅਜੈ ਯਾਦਵ ਨੇ ਕਾਂਗਰਸ ਪਾਰਟੀ ਦੇ AICC ਓਬੀਸੀ ਵਿਭਾਗ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ
ਨਵੀਂ ਦਿੱਲੀ, 17 ਅਕਤੂਬਰ 2024: ਹਰਿਆਣਾ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਕਈ ਨੇਤਾ ਆਪਣੇ ਅਹੁਦਿਆਂ ਤੋਂ ਅਸਤੀਫੇ ਦੇ ਰਹੇ ਹਨ। ਹਰਿਆਣਾ ਕਾਂਗਰਸ ਦੇ ਇੱਕ ਹੋਰ ਆਗੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੇ ਸੀਨੀਅਰ ਆਗੂ ਕੈਪਟਨ ਅਜੈ ਸਿੰਘ ਯਾਦਵ ਨੇ ਪਾਰਟੀ ਨੂੰ ਵੱਡਾ ਝਟਕਾ ਦਿੰਦਿਆਂ AICC ਓਬੀਸੀ ਵਿਭਾਗ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕੀਤੀ ਹੈ।
ਅਜੈ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਪੋਸਟ ਕੀਤਾ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਮੈਂ ਏਆਈਸੀਸੀ ਓਬੀਸੀ ਵਿਭਾਗ ਦੇ ਪ੍ਰਧਾਨ ਅਤੇ ਭਾਰਤੀ ਰਾਸ਼ਟਰੀ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਭੇਜਿਆ ਹੈ। ਇਸ ਪੋਸਟ 'ਚ ਉਨ੍ਹਾਂ ਨੇ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨੂੰ ਵੀ ਟੈਗ ਕੀਤਾ ਹੈ।