ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ- ਮੁੱਖ ਖੇਤੀਬਾੜੀ ਅਫਸਰ
ਕਿਸਾਨ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਕਰਨ ਵਰਤੋਂ
ਫਾਜ਼ਿਲਕਾ 21 ਨਵੰਬਰ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਖੇਤਾਂ ਵਿਚ ਮਿਲਾ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਅਤੇ ਕਣਕ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਡੀ.ਏ.ਪੀ ਦੇ ਬਦਲਵੇ ਸ੍ਰੋਤਾਂ ਦੀ ਵਰਤੋਂ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਸੰਦੀਪ ਰਿਣਵਾ ਨੇ ਦਿੱਤੀ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵੱਲੋਂ ਲਗਾਤਾਰ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਵਰਤੀ ਜਾਣ ਵਾਲੀ ਮਸ਼ੀਨਰੀ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆ ਜਾਣ ਵਾਲੀਆ ਰਿਆਇਤਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਸਮੇਂ ਦੀ ਵੱਡੀ ਜਰੂਰਤ ਹੈ, ਦੂਸ਼ਿਤ ਵਾਤਾਵਰਣ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਘਾਤਕ ਹੈ, ਬਜ਼ੁਰਗ ਤੇ ਬੱਚੇ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ, ਪਾਣੀ ਇੱਕ ਅਨਮੋਲ ਦਾਤ ਹੈ, ਇਸ ਲਈ ਅਜਿਹੀਆਂ ਫਸਲਾਂ ਉਗਾਈਆਂ ਜਾਣ ਜਿਨ੍ਹਾਂ ਦੀ ਬਜ਼ਾਰ ਵਿਚ ਵੱਧ ਕੀਮਤ ਤੇ ਕਿਸਾਨ ਦਾ ਖਰਚਾ ਘੱਟ ਹੋਵੇ। ਕੀਟਨਾਸ਼ਕ ਹਰ ਇਨਸਾਨ ਦੇ ਜੀਵਨ ਵਿੱਚ ਜ਼ਹਿਰ ਘੋਲ ਰਿਹਾ ਹੈ, ਇਸ ਦੀ ਲੋੜ ਅਨੁਸਾਰ ਤੇ ਸੰਜਮ ਨਾਲ ਵਰਤੋਂ ਕੀਤੀ ਜਾਵੇ।
ਖਾਦਾਂ ਦੀ ਵਰਤੋਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਖੇਤੀਬਾੜੀ ਮਾਹਰਾਂ ਦੀ ਰਾਏ ਹੈ ਕਿ ਐਨ.ਪੀ.ਕੇ (12:32:16) ਵਿਚ 32 ਫੀਸਦੀ ਫਾਸਫੋਰਸ ਅਤੇ 12 ਫੀਸਦੀ ਨਾਈਟ੍ਰੋਜਨ ਤੇ 16 ਫੀਸਦੀ ਪੋਟਾਸ਼ੀਅਮ ਦੀ ਮਾਤਰਾ ਪਾਈ ਜਾਂਦੀ ਹੈ। ਉਨ੍ਹਾਂ ਨੇ ਦੱਸਿਆ ਕਿ ਡੀ.ਏ.ਪੀ ਦੇ ਬਦਲ ਦੇ ਰੂਪ ਵਿਚ ਐਨ.ਪੀ.ਕੇ ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾ ਨੇ ਦੱਸਿਆ ਕਿ ਸੁਪਰ ਫਾਸਫੇਟ ਵਿਚ 16 ਫੀਸਦ ਫਾਸਫੋਰਸ ਤੇ 18 ਫੀਸਦ ਗੰਧਕ ਵੀ ਹੁੰਦਾ ਹੈ ਅਤੇ ਟ੍ਰਿਪਲ ਸੁਪਰ ਫਾਸਫੇਟ ਨੂੰ ਵੀ ਖਾਦ ਦੇ ਰੂਪ ਵਿਚ ਵਰਤਿਆਂ ਜਾ ਸਕਦਾ ਹੈ।