ਐਚਐਮਈਐਲ ਨੇ ਵਿਦਿਆਰਥੀਆਂ ਨੂੰ ਨਕਦ ਵਜ਼ੀਫੇ, ਲੈਪਟਾਪ, ਟੈਬ ਅਤੇ ਸਾਈਕਲ ਵੰਡੇ
ਅਸ਼ੋਕ ਵਰਮਾ
ਬਠਿੰਡਾ, 21ਨਵੰਬਰ2024: ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵੱਲ ਵਧਣ ਲਈ ਉਤਸ਼ਾਹਿਤ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ, ਐਚਐਮਈਐਲ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਆਲੇ-ਦੁਆਲੇ ਦੇ 9 ਸਰਕਾਰੀ ਸਕੂਲਾਂ ਦੇ 63 ਹੋਣਹਾਰ ਵਿਦਿਆਰਥੀਆਂ ਨੂੰ ਨਕਦ ਵਜ਼ੀਫੇ, ਲੈਪਟਾਪ, ਟੈਬ ਅਤੇ ਸਾਈਕਲ ਵੰਡੇ ਹਨ। ਇਹ ਪ੍ਰਕਿਰਿਆ ਨਿਰੰਤਰ ਜਾਰੀ ਹੈ, ਜਿਸ ਤਹਿਤ ਆਉਣ ਵਾਲੇ ਦਿਨਾਂ ਵਿੱਚ ਲਗਭਗ 217 ਵਿਦਿਆਰਥੀਆਂ ਨੂੰ ਇਹ ਸਕਾਲਰਸ਼ਿਪ ਵੰਡੀ ਜਾਵੇਗੀ। ਇਸ ਪਹਿਲ ਦਾ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਪਿਛੋਕੜ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਵਿਦਿਅਕ ਯਾਤਰਾ ਲਈ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਸ਼ਕਤੀਸ਼ਾਲੀ ਬਣਾਉਣਾ ਹੈ । ਇਸ ਮੁਹਿੰਮ ਤਹਿਤ ਪਿੰਡ ਰਾਮਸਰਾ ਅਤੇ ਪਿੰਡ ਦੇਸੂ ਮਲਕਾਣਾ ਦੇ ਸਰਕਾਰੀ ਸਕੂਲਾਂ ਵਿੱਚ ਵੀ ਨਕਦ ਵਜ਼ੀਫੇ, ਲੈਪਟਾਪ, ਟੈਬ ਅਤੇ ਸਾਈਕਲ ਵੰਡੇ ਗਏ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਸੂ ਮਲਕਾਣਾ ਵਿਖੇ ਹੋਏ ਸਮਾਗਮ ਦੌਰਾਨ ਬਲਾਕ ਸਿੱਖਿਆ ਅਫ਼ਸਰ ਵਿਨੋਦ ਕੁਮਾਰ ਦੀ ਹਾਜ਼ਰੀ ਵਿੱਚ ਹੋਣਹਾਰ ਵਿਦਿਆਰਥੀਆਂ ਨੂੰ ਨਕਦ ਵਜ਼ੀਫੇ, ਲੈਪਟਾਪ ਅਤੇ ਸਾਈਕਲ ਵੰਡੇ ਗਏ, ਜਿਨ੍ਹਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਅਕਾਦਮਿਕ ਉੱਤਮਤਾ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਪਿੰਡ ਦੇ ਸਰਪੰਚ ਕੁਲਵੰਤ ਸਿੰਘ ਨੇ ਵੀ ਇਸ ਮੌਕੇ ਆਪਣੇ ਪ੍ਰੇਰਣਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਅਤੇ ਸਿੱਖਿਆ ਅਤੇ ਪੇਂਡੂ ਵਿਕਾਸ ਲਈ ਐਚਐਮਈਐਲ ਦੇ ਨਿਰੰਤਰ ਯਤਨਾਂ ਦੀ ਸ਼ਲਾਘਾ ਕੀਤੀ। ਪਿੰਡ ਰਾਮਸਰਾ ਦੇ ਸਰਕਾਰੀ ਸਕੂਲ ਵਿਖੇ ਵੀ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਹੋਣਹਾਰ ਵਿਦਿਆਰਥੀਆਂ ਨੂੰ ਲੈਪਟਾਪ, ਟੈਬ ਅਤੇ ਨਕਦ ਵਜ਼ੀਫੇ ਵੰਡੇ ਗਏ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਰਦੂਲ ਸਿੰਘ ਤੋਂ ਇਲਾਵਾ ਪਿੰਡ ਦੇ ਸਰਪੰਚ ਸੁਖਦੇਵ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਐਚਐਮਈਐਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਯਤਨ ਵਿਦਿਆਰਥੀਆਂ ਦੇ ਵਿਕਾਸ ਵਿੱਚ ਮਦਦਗਾਰ ਸਾਬਤ ਹੁੰਦੇ ਹਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦੇ ਹਨ। ਐਚਐਮਈਐਲ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 10 ਵੀਂ ਅਤੇ 12 ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕੀਤੀ ਜਾਂਦੀ ਹੈ। ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਸਕਾਲਰਸ਼ਿਪ ਅਤੇ ਲੈਪਟਾਪ ਦਿੱਤੇ ਜਾਂਦੇ ਹਨ। ਜਦਕਿ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਦੇ ਨਾਲ ਟੈਬਲੇਟ ਦਿੱਤੇ ਜਾਂਦੇ ਹਨ।