ਬਠਿੰਡਾ ਜ਼ਿਲ੍ਹੇ ਵਿੱਚ ਹੁਣ ਤੱਕ ਖਰੀਦਿਆ 11,64,715 ਮੀਟ੍ਰਿਕ ਟਨ ਝੋਨਾ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 21 ਨਵੰਬਰ 2024 : ਹੁਣ ਤੱਕ ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 12,49,283 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ, ਜਿਸ ’ਚੋਂ 11,64,715 ਮੀਟ੍ਰਿਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦਿਆ ਗਿਆ ਹੈ ਅਤੇ ਰਹਿੰਦਾ ਝੋਨਾ ਇੱਕ-ਦੋ ਦਿਨਾਂ ਵਿੱਚ ਖਰੀਦ ਏਜੰਸੀਆਂ ਵਲੋਂ ਖਰੀਦ ਲਿਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਝੋਨੇ ਦੀ ਖਰੀਦ ਤੇ ਚੁਕਾਈ ਦੇ ਪ੍ਰਬੰਧਾਂ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਾਂਝੀ ਕੀਤੀ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਚੋਂ ਝੋਨੇ ਦੀ ਚੁਕਾਈ ਕਰਵਾ ਕੇ ਮੰਡੀਆਂ ਨੂੰ ਖਾਲੀ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਖਰੀਦ ਤੇ ਚੁਕਾਈ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਨੇ 4,97,020 ਮੀਟ੍ਰਿਕ ਟਨ, ਮਾਰਕਫੈੱਡ ਨੇ 2,86,165 ਮੀਟ੍ਰਿਕ ਟਨ, ਪਨਸਪ ਨੇ 2,45,794 ਮੀਟ੍ਰਿਕ ਟਨ ਤੇ ਪੰਜਾਬ ਵੇਅਰ ਹਾਊਸ ਨੇ 1,35,736 ਮੀਟ੍ਰਿਕ ਟਨ ਝੋਨਾ ਖਰੀਦਿਆਂ।
ਉਨ੍ਹਾਂ ਹੋਰ ਦੱਸਿਆ ਕਿ ਕਿਸਾਨਾਂ ਨੂੰ 20 ਨਵੰਬਰ ਤੱਕ 2536.24 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਪਿਛਲੇ 72 ਘੰਟਿਆਂ ਦੌਰਾਨ 10,81,612 ਮੀਟ੍ਰਿਕ ਟਨ ਝੋਨੇ ਦੀ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕੀਤੀ ਜਾ ਚੁੱਕੀ ਹੈ।