ਨਵਾਂਸ਼ਹਿਰ ਸੜਕ ਹਾਦਸਾ : ਸਾਰੇ ਜ਼ਖਮੀਆਂ ਦੀ ਹਾਲਤ ਸਥਿਰ: ਫਰਿਸ਼ਤੇ ਸਕੀਮ ਤਹਿਤ ਹੋਇਆ ਮੁਫ਼ਤ ਇਲਾਜ
- ਸਿਹਤ ਵਿਭਾਗ ਨੇ ਤੁਰੰਤ ਹਰਕਤ ਵਿਚ ਆ ਕੇ ਜ਼ਖਮੀਆਂ ਦਾ ਫਰਿਸ਼ਤੇ ਸਕੀਮ ਤਹਿਤ ਕੀਤਾ ਮੁਫ਼ਤ ਇਲਾਜ
- ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਤੁਰੰਤ ਕਾਰਵਾਈ ਲਈ ਸਿਹਤ ਵਿਭਾਗ ਦੀ ਕੀਤੀ ਸ਼ਲਾਘਾ
- ਵਾਹਨ ਚਾਲਕਾਂ ਨੂੰ ਧਿਆਨ ਨਾਲ ਵਾਹਨ ਚਲਾਉਣ ਦੀ ਕੀਤੀ ਅਪੀਲ਼
-ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 21 ਨਵੰਬਰ ,2024 - ਇਥੋਂ ਥੋੜ੍ਹੀ ਦੂਰ ਮਹਾਲੋਂ ਬਾਈਪਾਸ ਨਜ਼ਦੀਕ ਖੇਮਕਰਨ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਹੀਆਂ ਦੋ ਸਕੂਲੀ ਬੱਸਾਂ ਆਪਸ ਵਿਚ ਭਿੜ ਗਈਆਂ, ਜਿਸ ਕਾਰਨ ਬੱਸ ਵਿਚ ਸਵਾਰ 14 ਵਿਅਕਤੀ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਵਿਅਕਤੀ ਦੀ ਬਾਂਹ ’ਤੇ ਫਰੈਕਚਰ ਆਇਆ ਹੈ।
ਇਸੇ ਦਰਮਿਆਨ ਸੜਕ ਹਾਦਸੇ ਦੀ ਖਬਰ ਮਿਲਦਿਆਂ ਹੀ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਤੁਰੰਤ ਹਰਕਤ ਵਿਚ ਆਉਂਦਿਆਂ 108 ਐਂਬੂਲੈਂਸ ਰਾਹੀਂ ਜ਼ਖਮੀਆਂ ਨੂੰ ਨੇੜਲੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਭਰਤੀ ਕਰਵਾਇਆ, ਜਿਥੇ ਫਰਿਸ਼ਤੇ ਸਕੀਮ ਤਹਿਤ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕੀਤਾ ਗਿਆ। ਉਨ੍ਹਾਂ ਨੂੰ ਮੈਡੀਕਲ ਲੈਬ ਟੈਸਟ, ਐਕਸਰੇ ਅਤੇ ਦਵਾਈਆਂ ਦੀ ਮੁਫ਼ਤ ਸਹੂਲਤ ਮੁਹੱਈਆ ਕਰਵਾਈ ਗਈ।
ਇਸ ਦੌਰਾਨ ਡਿਪਟੀ ਕਮਿਸ਼ਨਰ ਰਾਜੇਸ਼ ਤੇ ਧੀਮਾਨ ਨੇ ਸਿਹਤ ਵਿਭਾਗ ਵੱਲੋਂ ਕੀਤੀ ਗਈ ਤੁਰੰਤ ਕਾਰਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋਇਆ ਹੈ। ਉਨਾਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਧਿਆਨ ਨਾਲ ਚਲਾਉਣ ਅਤੇ ਵਾਹਨਾਂ ਦੀ ਚੈਕਿੰਗ ਸਮੇਂ-ਸਮੇਂ ਤੇ ਕਰਵਾਉਂਦੇ ਰਹਿਣ।
ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦਾ ਦੌਰਾ ਕਰਕੇ ਜ਼ਖਮੀਆਂ ਦਾ ਹਾਲਚਾਲ ਪੁੱਛਿਆ। ਉਨ੍ਹਾਂ ਦੱਸਿਆ ਕਿ ਸੜਕ ਹਾਦਸੇ ਵਿਚ ਜ਼ਖਮੀ ਵਿਅਕਤੀਆਂ ਨੂੰ ਮੁੱਢਲੀ ਸਹਾਇਤਾ ਦੇਣ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ। ਸਾਰੇ ਜ਼ਖਮੀਆਂ ਦੀ ਹਾਲਤ ਸਥਿਤ ਹੈ। ਉਨ੍ਹਾਂ ਦੱਸਿਆ ਕਿ ਡਿਸਚਾਰਜ ਕਰਨ ਮੌਕੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਫਰਿਸ਼ਤੇ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਰਾਜ ਸਿਹਤ ਏਜੰਸੀ ਨੇ ਸੜਕ ਹਾਦਸਾ ਪੀੜਤਾਂ ਦੇ ਇਲਾਜ ਲਈ 52 ਪੈਕੇਜ ਨਿਰਧਾਰਿਤ ਕੀਤੇ ਹਨ, ਜਿਨ੍ਹਾਂ ਤਹਿਤ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਫਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੰਤਵ ਕਿਸੇ ਵੀ ਤਰ੍ਹਾਂ ਦੇ ਸੜਕ ਹਾਦਸੇ ਦੇ ਪੀੜਤਾਂ ਦੀਆਂ ਕੀਮਤੀ ਜਾਨਾਂ ਨੂੰ ਬਚਾਉਣਾ ਹੈ। ਡਾ. ਕੌਰ ਨੇ ਇਹ ਵੀ ਦੱਸਿਆ ਕਿ ਸਿਹਤ ਵਿਭਾਗ ਫਰਿਸ਼ਤੇ ਸਕੀਮ ਤਹਿਤ ਪੰਜਾਬ ਅੰਦਰ ਹੋਏ ਸੜਕ ਹਾਦਸੇ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਿੱਚ ਅਸੀਂ ਸੜਕ ਹਾਦਸਾ ਪੀੜਤਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ‘ਗੋਲਡਨ ਆਵਰ’ ਦੀ ਵੱਧ ਤੋਂ ਵੱਧ ਤੇ ਸੁਚੱਜੀ ਵਰਤੋਂ ਕਰਦੇ ਹਾਂ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਸੜਕ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਯਕੀਨੀ ਬਣਾਇਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ‘ਗੋਲਡਨ ਆਵਰ’ ਸੜਕ ਦੁਰਘਟਨਾ ਤੋਂ ਬਾਅਦ ਪਹਿਲਾ ਮਹੱਤਵਪੂਰਨ ਘੰਟਾ ਹੁੰਦਾ ਹੈ, ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਬਣਦੀ ਦੇਖਭਾਲ ਮਿਲ ਜਾਵੇ, ਤਾਂ ਉਸਦੇ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ।