ਕੈਪਟਨ ਅਮਰਿੰਦਰ ਸਿੰਘ ਜੀ ਹੀ ਪੰਜਾਬ ਦੀ ਕਿਸਾਨੀ ਦੇ ਅਸਲੀ ਰਾਖੇ
ਫ਼ਤਹਿਗੜ੍ਹ ਸਾਹਿਬ, 30 ਅਗਸਤ 2020: ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੇਸ਼ ਇੱਕ ਮਤਾ ਪਾਸ ਕਰਦਿਆਂ, ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀਬਾੜੀ ਆਰਡੀਨੈਂਸ ਅਤੇ ਸੰਭਾਵਿਤ ਬਿਜਲੀ ਬਿੱਲ ਰੱਦ ਕਰ ਦਿੱਤੇ ਹਨ।ਇਹ ਮੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਵੱਲੋਂ ਚੁੱਕਿਆ ਗਿਆ ਇੱਕ ਵੱਡਾ ਕਦਮ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ ਨੇ ਅੱਜ ਮਾਰਕਿਟ ਕਮੇਟੀ ਸਰਹਿੰਦ ਦੇ ਦਫ਼ਤਰ ਵਿਖੇ ਪ੍ਰੈਸ ਨਾਲ ਗੱਲਬਾਤ ਦੌਰਾਨ ਕੀਤਾ।
ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਨੇ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੀ ਕਿਸਾਨੀ ਦੇ ਅਸਲੀ ਰਾਖੇ ਉਹ ਹੀ ਹਨ। ਪਹਿਲਾਂ ਵੀ 2004 ਵਿੱਚ ਕੈਪਟਨ ਸਾਹਿਬ ਵੱਲੋਂ ਵਿਧਾਨ ਸਭਾ ਵਿੱਚ ਨਹਿਰੀ ਪਾਣੀਆਂ ਦੀ ਵੰਡ ਵਾਲੇ ਇਕਰਾਰਨਾਮੇ ਨੂੰ ਰੱਦ ਕਰਕੇ ਪੰਜਾਬ ਦੀ ਖੇਤੀ ਨੂੰ ਵੱਡੇ ਸੰਕਟ ਤੋਂ ਬਚਾਅ ਲਿਆ ਸੀ। ਉਨ੍ਹਾਂ ਕਿਹਾ ਕਿ ਆਰਡੀਨੈਂਸ 2020, ਜੋ ਕਿ ਕੇਂਦਰ ਸਰਕਾਰ ਦੁਆਰਾ ਜਾਰੀ ਕੀਤੇ ਗਏ ਹਨ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020, ਜੋ ਕਿ ਨਾ ਸਿਰਫ ਪੰਜਾਬ ਦੇ ਲੋਕਾਂ, ਖਾਸਕਰ ਕਿਸਾਨਾਂ ਤੇ ਮਜ਼ਦੂਰਾਂ ਦੇ, ਹਿੱਤਾਂ ਦੇ ਵਿਰੁੱਧ ਹਨ।
ਸ਼੍ਰੀ ਸੂਦ ਨੇ ਕਿਹਾ ਕਿ ਕਾਂਗਰਸ ਪਾਰਟੀ, ਕੇਂਦਰ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਇਨ੍ਹਾਂ ਆਰਡੀਨੈਂਸਾਂ ਅਤੇ ਪ੍ਰਸਤਾਵਿਤ ਬਿਜਲੀ (ਸੋਧ) ਬਿੱਲ 2020 ਨੂੰ ਤੁਰੰਤ ਵਾਪਸ ਲਿਆ ਜਾਵੇ। ਇਸ ਦੀ ਬਜਾਏ, ਘੱਟੋ ਘੱਟ ਸਮਰਥਨ ਮੁੱਲ (ਐਮ.ਐਸ.ਪੀ.) 'ਤੇ ਅਨਾਜ ਅਤੇ ਹੋਰ ਖੇਤੀਬਾੜੀ ਉਪਜਾਂ ਦੀ ਖਰੀਦ ਲਈ ਇੱਕ ਨਵਾਂ ਆਰਡੀਨੈਂਸ ਜਾਰੀ ਕੀਤਾ ਜਾਵੇ, ਜੋ ਕਿ ਕਿਸਾਨਾਂ ਦਾ ਕਾਨੂੰਨੀ ਅਧਿਕਾਰ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਚਿਰਾਂ ਤੋਂ ਚੱਲਿਆ ਆ ਰਿਹਾ ਆੜ੍ਹਤੀਆ ਤੇ ਤੋਲੇ ਦਾ ਸਿਸਟਮ ਖਤਮ ਹੋ ਜਾਵੇਗਾ। ਇਸ ਦੇ ਨਾਲ ਨਾਲ ਇਸ ਆਰਡੀਨੈਂਸ ਦੇ ਲਾਗੂ ਹੋਣ ਨਾਲ ਸ਼ੈਲਰ ਸਿਸਟਮ ਵੀ ਬਿਲਕੁਲ ਤਬਾਹ ਹੋ ਜਾਵੇਗਾ।
ਸ਼੍ਰੀ ਸੂਦ ਨੇ ਕਿਹਾ ਕਿ ਇਨ੍ਹਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਸਾਨੀ ਆਰਥਿਕ ਤੌਰ 'ਤੇ ਤਬਾਹ ਹੋ ਜਾਵੇਗੀ। ਉਨ੍ਹਾਂ ਮੱਕੀ ਦੀ ਮਿਸਾਲ ਦਿੰਦੇ ਹੋਏ ਕਿਹਾ ਕਿ ਐਮ.ਐਸ.ਪੀ. ਲਾਗੂ ਹੋਣ ਦੇ ਬਾਵਜੂਦ ਇਹ ਬਹੁਤ ਘੱਟ ਕੀਮਤ ਭਾਵ ਪ੍ਰਤੀ ਕੁਇੰਟਲ 600 ਰੁਪਏ ਦੇ ਹਿਸਾਬ ਨਾਲ ਬਿਕੀ ਹੈ।
ਸ਼੍ਰੀ ਸੂਦ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੈਸਲੇ ਦੇ ਸਿੱਟੇ ਵਜੋਂ ਐਫ.ਸੀ.ਆਈ. ਦੀ ਹੋਂਦ ਮਿੱਟ ਜਾਵੇਗੀ ਅਤੇ ਇਸ ਦੇ ਨਾਲ ਹੀ ਪੰਜਾਬ ਮੰਡੀ ਬੋਰਡ ਵੀ, ਜੋ ਕਿ ਪੇਂਡੂ ਖੇਤਰਾਂ ਅਤੇ ਲਿੰਕ ਸੜਕਾਂ ਦੇ ਵਿਕਾਸ ਦਾ ਕੰਮ ਕਰਦਾ ਹੈ,ਆਪਣੀ ਹੋਂਦ ਬਚਾ ਨਹੀਂ ਸਕੇਗਾ।
ਇਸ ਮੌਕੇ ਮਾਰਕਿਟ ਕਮੇਟੀ ਚੇਅਰਮੈਨ ਗੁਲਸ਼ਨ ਰਾਏ ਬੌਬੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੀ ਆਬਾਦੀ ਦਾ ਦੋ ਫੀਸਦੀ ਹਿੱਸਾ ਹੋਣ ਦੇ ਬਾਵਜੂਦ ਪੂਰੇ ਦੇਸ਼ ਲਈ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਇਆ। ਸਮਾਂ ਬੀਤਣ ਦੇ ਨਾਲ ਸੂਬੇ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘਟਦਾ ਚਲਾ ਗਿਆ ਪਰ ਸੂਬੇ ਦੇ ਕਿਸਾਨਾਂ ਨੇ ਫਿਰ ਵੀ ਦੇਸ਼ ਲਈ ਖੁਰਾਕ ਉਤਪਾਦਨ ਪੱਖੋਂ ਸਭ ਤੋਂ ਮੋਹਰੀ ਹੋਣ ਦਾ ਮਾਣ ਹਾਸਲ ਕੀਤਾ। ਪਰ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਬਾਂਹ ਫੜਣ ਦੀ ਥਾਂ ਸਗੋਂ ਕਿਸਾਨ ਵਿਰੋਧੀ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ। ਇਸ ਮੌਕੇ ਪੰਚਾਇਤੀ ਰਾਜ ਸੰਗਠਨ ਦੇ ਚੇਅਰਮੈਨ ਸ. ਭੁਪਿੰਦਰ ਸਿੰਘ ਬਧੌਛੀ,ਸੀਨੀਅਰ ਕਾਂਗਰਸੀ ਆਗੂ ਸ.ਅਮ੍ਰਿਤਪਾਲ ਸਿੰਘ ਜੱਗੀ,ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਚਰਨਜੀਵ ਸ਼ਰਮਾ,ਕਾਂਗਰਸ ਆਗੂ ਅਰੁਣ ਸੂਰੀ,ਨਿਤਿਨ ਸੂਦ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।