ਕੋਰੋਨਾ ਵਾਇਰਸ ਤੇ ਡੇਂਗੂ ਦੀ ਇਕੋ ਸਮੇਂ ਲਾਗ ਹੋ ਸਕਦੀ ਹੈ ਜੋਖਮ-ਭਰਪੂਰ
ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਜਾਨਲੇਵਾ ਮੱਛਰ ਬਾਰੇ ਕੀਤਾ ਚੌਕਸ, ਹਰ ਸ਼ੁਕਰਵਾਰ ਨੂੰ 'ਡਰਾਈ ਡੇਅ' ਵਜੋਂ ਮਨਾਇਆ ਜਾਵੇ
ਜ਼ਿਲ੍ਹੇ ਵਿਚ ਕਈ ਥਾਵਾਂ 'ਤੇ ਮਿਲਿਆ ਲਾਰਵਾ, ਚਲਾਨ ਅਤੇ ਜਾਗਰੂਕਤਾ ਸਰਗਰਮੀਆਂ ਜਾਰੀ
ਐਸ.ਏ.ਐਸ ਨਗਰ, 3 ਸਤੰਬਰ 2020: ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲੀ ਕਰਦਿਆਂ ਆਖਿਆ ਹੈ ਕਿ 'ਕੋਰੋਨਾ ਵਾਇਰਸ' ਮਹਾਂਮਾਰੀ ਦੇ ਨਾਲ-ਨਾਲ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਵੀ ਬਚਣ ਦੀ ਅਤਿਅੰਤ ਲੋੜ ਹੈ ਕਿਉਂਕਿ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਇਸ ਜਾਨਲੇਵਾ ਮੱਛਰ ਦਾ ਲਾਰਵਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਸਿਹਤ ਵਿਭਾਗ ਦੀਆਂ ਟੀਮਾਂ ਇਸ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਛੇ ਮਹੀਨਿਆਂ ਤੋਂ ਵੱਧ ਸਮੇਂ ਸਮੇਂ ਤੋਂ ਪੂਰੀ ਤਰ੍ਹਾਂ ਸਰਗਰਮ ਹਨ, ਉਥੇ ਘਰਾਂ, ਦੁਕਾਨਾਂ ਅਤੇ ਹੋਰ ਥਾਵਾਂ 'ਤੇ ਜਾ ਕੇ ਚੈਕਿੰਗ ਅਤੇ ਚਲਾਨ ਦੀ ਕਾਰਵਾਈ ਦੇ ਨਾਲ-ਨਾਲ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਣ ਲਈ ਵੀ ਜਾਗਰੂਕ ਕਰ ਰਹੀਆਂ ਹਨ। ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਇਸ ਸੰਕਟਮਈ ਸਮੇਂ ਵਿਚ ਸਾਰਿਆਂ ਨੂੰ ਡੇਂਗੂ ਜਿਹੀ ਜਾਨਲੇਵਾ ਬੀਮਾਰੀ ਤੋਂ ਵੀ ਬਚਣ ਦੀ ਓਨੀ ਹੀ ਲੋੜ ਹੈ ਜਿੰਨੀ 'ਕੋਰੋਨਾ' ਮਹਾਂਮਾਰੀ ਤੋਂ, ਕਿਉਂਕਿ ਦੋਹਾਂ ਬੀਮਾਰੀਆਂ ਦੀ ਇਕੋ ਸਮੇਂ ਲਾਗ ਜੋਖਮ-ਭਰਪੂਰ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੂਲਰਾਂ, ਗਮਲਿਆਂ, ਫ਼ਰਿੱਜਾਂ ਦੀਆਂ ਟਰੇਆਂ, ਪਾਣੀ ਦੀਆਂ ਟੈਂਕੀਆਂ ਆਦਿ ਦੀ ਸਾਫ਼-ਸਫ਼ਾਈ ਕਰਨ ਵੱਲ ਧਿਆਨ ਦੇਣ ਦੀ ਫ਼ੌਰੀ ਅਤੇ ਅਤਿਅੰਤ ਲੋੜ ਹੇ। ਉਨ੍ਹਾਂ 'ਹਰ ਸ਼ੁਕਰਵਾਰ, ਡਰਾਈ ਡੇਅ' ਵਜੋਂ ਮਨਾਉਣ ਦੀ ਵੀ ਗੱਲ ਦੁਹਰਾਈ।
ਡਾ. ਮਨਜੀਤ ਸਿੰਘ ਨੇ ਕਿਹਾ ਕਿ ਡੇਂਗੂ ਫੈਲਾਉਣ ਵਾਲੇ ਮੱਛਰ 'ਏਡੀਜ਼ ਅਜਿਪਟੀ' ਨੂੰ ਘਰਾਂ ਅਤੇ ਅਪਣੇ ਆਲੇ-ਦੁਆਲੇ ਕਿਸ ਵੀ ਕੀਮਤ 'ਤੇ ਪੈਦਾ ਨਾ ਹੋਣ ਦਿਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਡੇਂਗੂ ਇਲਾਜਯੋਗ ਬੀਮਾਰੀ ਹੈ ਅਤੇ ਡੇਂਗੂ ਹੋਣ 'ਤੇ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ। ਜੇ ਡੇਂਗੂ ਬੁਖ਼ਾਰ ਹੋਣ ਦਾ ਸ਼ੱਕ ਪੈਂਦਾ ਹੈ ਤਾਂ ਤੁਰੰਤ ਨਜ਼ਦੀਕੀ ਹਸਪਤਾਲ ਵਿਚ ਜਾ ਕੇ ਜਾਂਚ ਕਰਵਾਈ ਜਾਵੇ। ਸਰਕਾਰੀ ਹਸਪਤਾਲਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਜੇ ਲੋਕ ਅਪਣੇ ਘਰ ਅਤੇ ਆਲੇ-ਦੁਆਲੇ ਪਾਣੀ ਖੜਾ ਨਾ ਹੋਣ ਦੇਣ ਤਾਂ ਇਹ ਮੱਛਰ ਪੈਦਾ ਹੀ ਨਹੀਂ ਹੋਵੇਗਾ।
ਬਚਾਅ ਲਈ ਕੀ ਕੀਤਾ ਜਾਵੇ I
ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰੇਨੂੰ ਸਿੰਘ ਨੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਕਿਸੇ ਵੀ ਜਗ੍ਹਾ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਹਫ਼ਤੇ ਵਿਚ ਘੱਟੋ-ਘੱਟ ਇਕ ਵਾਰ ਫ਼ਰਿੱਜਾਂ ਦੀਆਂ ਟਰੇਆਂ, ਕੂਲਰਾਂ ਆਦਿ ਨੂੰ ਖ਼ਾਲੀ ਕਰ ਕੇ ਸੁਕਾਉ। ਘਰਾਂ ਦੇ ਆਲੇ-ਦੁਆਲੇ ਫੁੱਲਾਂ ਦੇ ਗਮਲਿਆਂ, ਟੁੱਟੇ ਭੱਜੇ ਭਾਂਡਿਆਂ ਅਤੇ ਕਿਸੇ ਵੀ ਥਾਂ ਪਾਣੀ ਖੜਾ ਨਾ ਹੋਣ ਦਿਉ। ਪਾਣੀ ਭਰੇ ਭਾਂਡਿਆਂ ਅਤੇ ਟੈਂਕੀਆਂ ਨੂੰ ਚੰਗੀ ਤਰ੍ਹਾਂ ਢੱਕ ਕੇ ਰਖਿਆ ਜਾਵੇ। ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਵਿਚ ਕਈ ਕਈ ਦਿਨ ਪੁਰਾਣਾ ਪਾਣੀ ਖੜਾ ਨਾ ਹੋਵੇ। ਕੂਲਰ ਚਾਲੂ ਕਰਨ ਤੋਂ ਪਹਿਲਾਂ ਚੰਗੀ ਤਰ੍ਹਾਂ ਧੋ ਕੇ ਸੁਕਾਏ ਜਾਣ। ਅਜਿਹੇ ਕਪੜੇ ਪਾਏ ਜਾਣ ਜਿਨ੍ਹਾਂ ਨਾਲ ਪੂਰਾ ਸਰੀਰ ਖ਼ਾਸਕਰ ਬਾਹਾਂ ਅਤੇ ਲੱਤਾਂ ਢਕੀਆਂ ਰਹਿਣ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ 'ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਟਾਇਰਾਂ ਆਦਿ ਵਿਚ।