ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਦਾ ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਅਪੀਲ
ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਮਰੀਜਾਂ ਦਾ ਕੀਤਾ ਜਾਂਦਾ ਹੈ ਮੁਫਤ ਇਲਾਜ
ਐਸ.ਏ.ਐਸ ਨਗਰ, 03 ਸਤੰਬਰ 2020: ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਇਸ ਲਈ ਜੇਕਰ ਕਿਸੇ ਵਿਅਕਤੀ ਵਿੱਚ ਕੋਵਿਡ ਸਬੰਧੀ ਲੱਛਣ ਪਾਏ ਜਾਂਦੇ ਹਨ ਤਾਂ ਉਸ ਨੂੰ ਆਪਣੇ ਟੈਸਟ ਲਈ ਖੁਦ ਸਰਕਾਰੀ ਸਿਹਤ ਸੰਸਥਾ ਵਿੱਚ ਜਾਣਾ ਚਾਹੀਦਾ ਹੈ ਤਾਂ ਜੋ ਉਸ ਦਾ ਮਾਹਰ ਡਾਕਟਰਾਂ ਵੱਲੋਂ ਸਹੀ ਇਲਾਜ ਕੀਤਾ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ੋਸ਼ਲ ਮੀਡੀਆ ’ਤੇ ਕੋਰੋਨਾ ਸਬੰਧੀ ਗੁੰਮਰਾਹਕੁੰਨ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਜਿਸ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ੋਸ਼ਲ ਮੀਡੀਆ ਰਾਹੀਂ ਕੋਰੋਨਾ ਬਾਰੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਾਨੂੰ ਖੁਦ ਨੂੰ ਵੀ ਜਿੰਮੇਵਾਰ ਨਾਗਰਿਕ ਬਣਨਾ ਚਾਹੀਦਾ ਹੈ ਅਤੇ ਕੋਵਿਡ-19 ਦੇ ਲੱਛਣਾਂ ਵਾਲੇ ਵਿਅਕਤੀਆਂ ਬਾਰੇ ਸਿਹਤ ਵਿਭਾਗ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਸਿਹਤ ਵਿਭਾਗ ਦੀਆਂ ਟੀਮਾਂ ਪੀੜ੍ਹਤ ਵਿਅਕਤੀ ਦੀ ਮਰਜ਼ੀ ਅਨੁਸਾਰ ਉਸ ਨੂੰ ਹਸਪਤਾਲ ਵਿੱਚ ਜਾਂ ਉਸ ਦੇ ਘਰ ਵਿੱਚ ਹੀ ਇਕਾਂਤਵਾਸ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਇਹ ਫੈਸਲਾ ਕੀਤਾ ਹੈ ਕਿ ਜੇਕਰ ਕਿਸੇ ਵਿਅਕਤੀ ਦਾ ਟੈਸਟ ਪਾਜੇਟਿਵ ਆਉਂਦਾ ਹੈ ਅਤੇ ਉਸ ਵਿੱਚ ਕੋਰੋਨਾ ਦੇ ਸਿਮਟਮ ਨਾਂਹ ਦੇ ਬਰਾਬਰ ਹਨ, ਵੀ ਆਪਣੇ ਘਰ ਵਿੱਚ ਹੀ ਇਕਾਂਤਵਾਸ ਹੋ ਸਕਦਾ ਹੈ ਪ੍ਰੰਤੂ ਉਸ ਵਿਅਕਤੀ ਲਈ ਡਾਕਟਰਾਂ ਵੱਲੋਂ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਪਣਾਉਣਾ ਬਹੁਤ ਜਰੂਰੀ ਹੈ ਕਿਉਂਕਿ ਸਾਵਧਾਨੀਆਂ ਵਰਤ ਕੇ ਹੀ ਅਸੀਂ ਇਸ ਖ਼ਤਰਨਾਕ ਬਿਮਾਰੀ ਦਾ ਖਾਤਮਾ ਕਰ ਸਕਦੇ ਹਾਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰ ਕਹਿ ਰਹੇ ਹਨ ਕਿ ਪਿੰਡ ਦੇ ਲੋਕਾਂ ਨੂੰ ਹਸਪਤਾਲ ਨਹੀਂ ਭੇਜਣਾ ਜਿਸ ਦਾ ਅਸਰ ਪਿੰਡ ਦੇ ਸਮੂਹ ਨਾਗਰਿਕਾਂ ’ਤੇ ਪੈਂਦਾ ਹੈ ਕਿਉਂਕਿ ਜੇਕਰ ਪੂਰੇ ਪਿੰਡ ਵਿੱਚੋਂ ਕਿਸੇ ਇੱਕ ਵਿਅਕਤੀ ਵਿੱਚ ਵੀ ਕੋਰੋਨਾ ਪਾਜੇਟਿਵ ਹੋਵੇ ਤਾਂ ਉਹ ਸਮੁੱਚੇ ਪਿੰਡ ਵਾਸੀਆਂ ਲਈ ਖਤਰਨਾਕ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਜੇਕਰ ਕੋਈ ਵਿਅਕਤੀ ਆਪਣੇ ਘਰ ਵਿੱਚ ਇਕਾਂਤਵਾਸ ਕਰਨਾ ਚਾਹੁੰਦਾ ਹੋਵੇ ਤਾਂ ਉਸ ਨੂੰ ਡਾਕਟਰਾਂ ਦੇ ਦੱਸੇ ਅਨੁਸਾਰ ਘਰ ਵਿੱਚ ਇਕਾਂਤਵਾਸ ਹੋ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਜਿ਼ਲ੍ਹੇ ਦੀਆਂ ਪੰਚਾਇਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਸ਼ਰਾਰਤੀ ਅਨਸਰ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ ਸਗੋਂ ਜਿਲ੍ਹਾ ਪ੍ਰਸ਼ਾਸਨ / ਜਿਲ੍ਹਾ ਲੋਕ ਸੰਪਰਕ ਦਫਤਰ ਦੇ ਫੇਸਬੁੱਕ, ਟਵੀਟਰ ਤੇ ਇੰਸਟਾਗ੍ਰਾਮ ਪੇਜਾਂ ਨੂੰ ਵੇਖਣ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਸੂਚਨਾ ਪੂਰੀ ਤਰ੍ਹਾਂ ਠੀਕ ਤੇ ਤੱਥਾਂ ’ਤੇ ਅਧਾਰਤ ਹੁੰਦੀ ਹੈ।
ਸ੍ਰੀ ਦਿਆਲਨ ਨੇ ਕਿਹਾ ਕਿ ਲੋਕਾਂ ਵੱਲੋਂ ਕੋਰੋਨਾ ਵਾਇਰਸ ਵਿਰੁੱਧ ਫੈਲਾਈਆਂ ਜਾ ਰਹੀਆਂ ਅਫਵਾਹਾਂ ਸਮਾਜ ਪ੍ਰਤੀ ਘਾਤਕ ਸਿੱਧ ਹੋ ਸਕਦੀਆਂ ਹਨ ਇਸ ਲਈ ਜਿ਼ਲ੍ਹੇ ਦੇ ਨਾਗਰਿਕ ਇਨ੍ਹਾਂ ਅਫਵਾਹਾਂ ’ਤੇ ਯਕੀਨ ਨਾ ਕਰਨ ਸਗੋਂ ਸਿਹਤ ਵਿਭਾਗ ਵੱਲੋਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕੋਰੋਨਾ ਦਾ ਇਲਾਜ ਮੁਫਤ ਹੁੰਦਾ ਹੈ ਅਤੇ ਜੇਕਰ ਸਰਕਾਰੀ ਹਸਪਤਾਲ ਵੱਲੋਂ ਮਰੀਜ ਨੂੰ ਪ੍ਰਾਈਵੇਟ ਹਸਪਤਾਲ ਲਈ ਰੈਫਰ ਕੀਤਾ ਜਾਂਦਾ ਹੈ ਤਾਂ ਉਸ ਦਾ ਖਰਚਾ ਵੀ ਸਰਕਾਰ ਵੱਲੋਂ ਹੀ ਕੀਤਾ ਜਾਂਦਾ ਹੈ ਜਦੋਂਕਿ ਸਿੱਧੇ ਤੌਰ ’ਤੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਹੋਣ ਵਾਲੇ ਕੋਰੋਨਾ ਮਰੀਜਾਂ ਨੂੰ ਵੀ ਸਰਕਾਰ ਵੱਲੋਂ ਤੈਅ ਕੀਤੇ ਭਾਅ ਹੀ ਦੇਣੇ ਪੈਣਗੇ। ਉਨ੍ਹਾਂ ਜਿਲ੍ਹੇ ਦੇ ਲੋਕਾਂ ਨੂੰ ਮੁੜ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਦਾ ਟੈਸਟ ਦੇਣ ਤੋਂ ਘਬਰਾਉਣਾ ਨਹੀਂ ਚਾਹੀਦਾ ਸਗੋਂ ਮੋਹਰੀ ਹੋ ਕ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਕਿਉਂਕਿ ਅਜਿਹਾ ਕਰਨਾ ਸਮਾਜ ਦੇ ਹਿੱਤ ਵਿੱਚ ਹੈ ਕਿਉਂਕਿ ਕੋਰੋਨਾ ਵਾਇਰਸ ਦੇ ਖਾਤਮੇ ਨਾਲ ਹੀ ਸਮਾਜ ਦੀ ਭਲਾਈ ਹੈ।