ਮਾਡਲ ਸਕੂਲ ਵਜੋਂ ਵਿਕਸਿਤ ਕਰਨ ਲਈ ਨਵੇਂ ਸਿਰਿਉਂ ਬਣੇਗੀ ਸਮੁੱਚੀ ਇਮਾਰਤ, ਹੋਰ ਇਕ ਕਰੋੜ ਰੁਪਏ ਦੀ ਗ੍ਰਾਂਟ ਛੇਤੀ ਹੀ : ਸਿਹਤ ਮੰਤਰੀ
ਹਲਕਾ ਮੋਹਾਲੀ ਦੇ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ
ਐਸ.ਏ.ਐਸ ਨਗਰ , 3 ਸਤੰਬਰ 2020: ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਮਾਰਤ ਨੂੰ ਨਵੇਂ ਸਿਰਿਉਂ ਬਣਾਉਣ ਲਈ 50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਸਿਹਤ ਮੰਤਰੀ ਨੇ ਅਪਣੇ ਅਖ਼ਤਿਆਰੀ ਕੋਟੇ ਵਿਚੋਂ ਦਿਤੀ ਗਈ ਗ੍ਰਾਂਟ ਦਾ ਚੈਕ ਸਕੂਲ ਦੀ ਪ੍ਰਿੰਸੀਪਲ ਨੂੰ ਸੌਂਪਣ ਮਗਰੋਂ ਦਸਿਆ ਕਿ ਇਸ ਸਕੂਲ ਨੂੰ ਜ਼ਿਲ੍ਹੇ ਦੇ ਮਾਡਲ ਸਕੂਲ ਵਜੋਂ ਵਿਕਸਿਤ ਕੀਤਾ ਜਾਵੇਗਾ ਅਤੇ ਸਮੁੱਚੀ ਇਮਾਰਤ ਦਾ ਮੂੰਹ-ਮੁਹਾਂਦਰਾ ਬਦਲ ਦਿਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਕੂਲ ਵਿਚ ਵੱਖ-ਵੱਖ ਸਹੂਲਤਾਂ ਮਿਲਣਗੀਆਂ ਤਾਕਿ ਬੱਚਿਆਂ ਨੂੰ ਪੜ੍ਹਾਈ ਵਾਸਤੇ ਸੁਖਾਵਾਂ ਅਤੇ ਆਨੰਦਾਇਕ ਮਾਹੌਲ ਮਿਲ ਸਕੇ।
ਉਨ੍ਹਾਂ ਦਸਿਆ ਕਿ ਇਸ ਸਕੂਲ ਲਈ ਹੋਰ 1 ਕਰੋੜ ਰੁਪਏ ਦੀ ਗ੍ਰਾਂਟ ਛੇਤੀ ਹੀ ਜਾਰੀ ਕੀਤੀ ਜਾਵੇਗੀ। ਹਲਕਾ ਵਿਧਾਇਕ ਨੇ ਆਖਿਆ ਕਿ ਉਨ੍ਹਾਂ ਦਾ ਟੀਚਾ ਹਲਕਾ ਮੋਹਾਲੀ ਦੇ ਸਰਕਾਰੀ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਉਣਾ ਹੈ ਜਿਸ ਦੀ ਪ੍ਰਾਪਤੀ ਲਈ ਕਾਫ਼ੀ ਕੰਮ ਪਹਿਲਾਂ ਹੀ ਕੀਤਾ ਜਾ ਚੁਕਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਆਧੁਨਿਕ ਜ਼ਿਲ੍ਹੇ ਮੋਹਾਲੀ ਵਿਚ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਪੱਖੋਂ ਹਰ ਤਰ੍ਹਾਂ ਦੀਆਂ ਸਹੂਲਤਾਂ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦਸਿਆ ਕਿ ਇਸ ਤੋਂ ਪਹਿਲਾਂ ਗੀਗੇ ਮਾਜਰਾ ਦੇ ਸਰਕਾਰੀ ਸਕੂਲ ਦੇ ਕਾਇਆਕਲਪ ਲਈ 25 ਲੱਖ ਰੁਪਏ ਦੀ ਗ੍ਰਾਂਟ ਦਿਤੀ ਗਈ ਹੈ ਅਤੇ ਹਲਕੇ ਦੇ ਹੋਰ ਕਈ ਪਿੰਡਾਂ ਦੇ ਸਕੂਲਾਂ ਨੂੰ ਵੀ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਹਲਕਾ ਮੋਹਾਲੀ ਵਿਚ ਸਿਹਤ ਅਤੇ ਸਿਖਿਆ ਦੇ ਖੇਤਰਾਂ ਵਿਚ ਵਿਆਪਕ ਸੁਧਾਰਾਂ ਦੇ ਯਤਨ ਲਗਾਤਾਰ ਜਾਰੀ ਹਨ।
ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਵਿਚ ਸਿਖਿਆ ਦਾ ਮਿਆਰ ਉੱਚਾ ਚੁੱਕਣ ਲਈ ਪਹਿਲੇ ਦਿਨ ਤੋਂ ਹੀ ਯਤਨ ਕੀਤੇ ਜਾ ਰਹੇ ਹਨ। ਜਿਥੇ ਅਧਿਆਪਕਾਂ ਦੀ ਭਰਤੀ ਦਾ ਕੰਮ ਵੱਡੇ ਪੱਧਰ 'ਤੇ ਜਾਰੀ ਹੈ, ਉਥੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਸੁਧਾਰ ਦੀ ਕਵਾਇਦ ਵੀ ਲਗਾਤਾਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਦੇ ਤਮਾਮ ਸਰਕਾਰੀ ਸਕੂਲਾਂ ਦਾ ਕਾਇਆਕਲਪ ਕਰਨਾ ਉਨ੍ਹਾਂ ਦੀਆਂ ਸਿਖਰਲੀਆਂ ਤਰਜੀਹਾਂ ਵਿਚ ਸ਼ਾਮਲ ਹੈ ਜਿਸ ਲਈ ਉਹ ਪੂਰੀ ਤਰ੍ਹਾਂ ਯਤਨਸ਼ੀਲ ਅਤੇ ਵਚਨਬੱਧ ਹੈ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਸਕੂਲ ਪ੍ਰਿੰਸੀਪਲ ਸ੍ਰੀਮਤੀ ਸੰਧਿਆ ਸ਼ਰਮਾ, ਪਿੰਡ ਦੀ ਸਰਪੰਚ ਸ੍ਰੀਮਤੀ ਪਰਮਜੀਤ ਕੌਰ, ਚੌਧਰੀ ਰਾਮ ਇਸ਼ਵਰ, ਮੋਨਿਕਾ ਰਾਣੀ ਪੰਚ, ਮਮਤਾ ਰਾਣੀ ਪੰਚ, ਬਲਬੀਰ ਸਿੰਘ ਸਾਬਕਾ ਸੰਮਤੀ ਮੈਂਬਰ, ਚੌਧਰੀ ਬਖਤੌਰਾ ਰਾਮ, ਅਸ਼ੋਕ ਕੁਮਾਰ, ਰਾਜ ਕੁਮਾਰ, ਇੰਦਰਜੀਤ ਸਿੰਘ ਸਰਪੰਚ ਸ਼ਾਮਪੁਰ ਸਮੇਤ ਸਮੁੱਚਾ ਸਟਾਫ਼ ਹਾਜ਼ਰ ਸੀ।